Webcasting at all polling booths in Punjab Elections 2022
December 7, 2021 - PatialaPolitics
Webcasting at all polling booths in Punjab Elections 2022
ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ
ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾ
ਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ: ਡਾ. ਰਾਜੂ
ਸਿਆਸੀ ਪਾਰਟੀਆਂ ਨੇ ਮੀਟਿੰਗ ਦੌਰਾਨ ਸੀਈਓ ਨਾਲ ਆਪਣੀਆਂ ਚਿੰਤਾਵਾਂ ਬਾਰੇ ਕੀਤੀ ਚਰਚਾ
ਚੰਡੀਗੜ੍ਹ, 7 ਦਸੰਬਰ:
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।
ਸੀ.ਈ.ਓ. ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ।
ਚੋਣਾਂ ਦੌਰਾਨ ਸੁਰੱਖਿਆ ਬਾਰੇ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈਸੀਆਈ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਵਾਧੂ ਫੋਰਸਿਜ਼ ਨਾਜ਼ੁਕ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੀਆਂ ਜਾਣਗੀਆਂ।
ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿੱਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਤੁਰੰਤ ਸੂਚਿਤ ਕਰਨ।
ਡਾ. ਰਾਜੂ ਨੇ ਕਿਹਾ ਕਿ ਉਹ ਗੈਰ-ਜ਼ਮਾਨਤੀ ਵਾਰੰਟ ਕੇਸਾਂ, ਪੈਰੋਲ ਜੰਪਰ, ਸ਼ਰਾਤਰੀ ਅਨਸਰਾਂ ਅਤੇ ਸ਼ੱਕੀ ਨਸ਼ਾ ਤਸਕਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡੀਸੀ, ਸੀਪੀਜ਼/ਐਸਐਸਪੀਜ਼ ਅਤੇ ਈਆਰਓਜ਼ ਨਾਲ ਹਫਤਾਵਾਰੀ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਘੱਟੋ-ਘੱਟ 95 ਤੋਂ 98 ਫ਼ੀਸਦੀ ਹਥਿਆਰ ਪੁਲਿਸ ਥਾਣਿਆਂ ਜਾਂ ਗੰਨ ਹਾਊਸਾਂ ਵਿੱਚ ਜਮ੍ਹਾਂ ਕਰਵਾਏ ਜਾਣ।
ਡਾ. ਰਾਜੂ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸੂਬੇ ਵਿੱਚ 2.5 ਲੱਖ ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਇਹਨਾਂ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਨਵਾਂ ਵੋਟਰ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਸਿਆਸੀ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ‘ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਨੂੰ ਸੀ.ਈ.ਓ. ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।
ਇਸ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।