Covid:Patiala DC appeal to people

December 30, 2021 - PatialaPolitics

Covid:Patiala DC appeal to people

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਤੋਂ ਬਚਣ ਲਈ ਨਵੇਂ ਸਾਲ ਮੌਕੇ ਹੋਣ ਵਾਲੇ ਸਮਾਗਮਾਂ ‘ਚ ਸਾਵਧਾਨੀਆਂ ਵਰਤਣ ਦੀ ਅਪੀਲ
-ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ – ਸੰਦੀਪ ਹੰਸ
-ਮਾਸਕ ਪਾਉਣ ਸਮੇਤ ਸਮਾਜਿਕ ਦੂਰੀ ਰੱਖੀ ਜਾਵੇ : ਸਿਵਲ ਸਰਜਨ
-ਕੋਵਿਡ-19 ਦੀ ਤੀਸਰੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ
ਪਟਿਆਲਾ, 30 ਦਸੰਬਰ:
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਵੇਂ ਸਾਲ ਮੌਕੇ ਹੋਣ ਵਾਲੇ ਸਮਾਗਮਾਂ ‘ਚ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਦੀ ਪੂਰੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਹੋਟਲਾਂ, ਰੈਸਟੋਰੈਂਟਾਂ, ਬੈਂਕੁਇਟ ਹਾਲਜ, ਮੈਰਿਜ ਪੈਲੇਸ ਵਾਲਿਆਂ ਨੂੰ ਵੀ ਇਕੱਠ ਮੌਕੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਕਿਹਾ।
ਸ੍ਰੀ ਸੰਦੀਪ ਹੰਸ ਨੇ ਵਿਦੇਸ਼ਾਂ ‘ਚ ਅਤੇ ਦੇਸ਼ ਦੇ ਹੋਰਨਾਂ ਹਿੱਸਿਆ ‘ਚ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵੱਧ ਰਹੇ ਕੇਸਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੀ ਨੌਬਤ ਤੋਂ ਬਚਣ ਲਈ ਸਾਵਧਾਨੀਆਂ ਅਪਨਾਉਣਾ ਜ਼ਰੂਰੀ ਹੈ ਤਾਂ ਜੋ ਜ਼ਿਲ੍ਹੇ ਅਤੇ ਸੂਬੇ ਨੂੰ ਕੋਵਿਡ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਛੁਟਕਾਰਾ ਤਾਂ ਹੀ ਸੰਭਵ ਹੈ ਜੇਕਰ ਲੋਕਾਂ ਵੱਲੋਂ ਕੋਵਿਡ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦਿੰਦਿਆ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਇਆ ਜਾਵੇ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ‘ਚ ਕੋਵਿਡ ਦੇ ਨਵੇਂ ਸਰੂਪ ਓਮੀਕਰੋਨ  ਦੇ ਮਾਮਲੇ ਆ ਰਹੇ ਹਨ, ਜੋ ਤੇਜ਼ੀ ਨਾਲ ਫੈਲਦਾ ਹੈ, ਇਸ ਤੋਂ ਬਚਾਅ ਲਈ ਮੂੰਹ ‘ਤੇ ਮਾਸਕ, ਸਮਾਜਿਕ ਦੂਰੀ, ਹੱਥਾਂ ਨੂੰ ਵਾਰ ਵਾਰ ਧੋਣ ਸਮੇਤ ਕੋਵਿਡ ਟੀਕਾਕਰਨ ਕਰਾਉਣ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਵਿਡ ਸਬੰਧੀ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਪਣਾ ਕੋਵਿਡ ਟੈਸਟ ਜ਼ਰੂਰ ਕਰਾਉਣ ਤਾਂ ਜੋ ਇਸ ਲਾਗ ਦੀ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।