Punjab CM Bhagwant Mann at Punjabi University Patiala
March 29, 2022 - PatialaPolitics
Punjab CM Bhagwant Mann at Punjabi University Patiala
ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਫਿਲਮ ਤੇ ਟੀ.ਵੀ. ਖੇਤਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ
ਪਟਿਆਲਾ, 29 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।
ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਅਧਿਆਪਕਾਂ ਦੇ ਲਮਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨ੍ਹਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।
ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੀ ਜਵਾਨੀ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ, ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ ‘ਚ ਹੀ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ‘ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ ਤਾਂ ਕਿ ਉਹ ਹੁਨਰਮੰਦ ਬਣਕੇ ਸਮਾਜ ਦੇ ਚੰਗੇ ਨਾਗਰਿਕ ਸਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸੂਬੇ ਵਿੱਚ ਹੀ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ।
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕਰਦਿਆਂ ਕਿਹਾ ਕਿ ਜਦੋਂ ਉਹ ਕਾਲਜ ਪੜ੍ਹਦੇ ਸੀ ਤਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਲਈ ਆਉਂਦੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਰਾਂ-ਜਿੱਤਾਂ ਦੇ ਕਈ ਉਤਰਾਅ ਚੜ੍ਹਾਅ ਵੀ ਵੇਖੇ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ‘ਤੇ ਆਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਕੇ ਉਨ੍ਹਾਂ ਨੂੰ ਜੀਵਨ ‘ਚ ਅੱਗੇ ਵਧਣ ਦੀ ਖੁੱਲ੍ਹ ਦੇਣ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਅੱਗੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸ. ਮੀਤ ਹੇਅਰ ਨੇ ਨੌਜਵਾਨ ਸ਼ਕਤੀ ਨੂੰ ਸਕਾਰਤਮਕ ਤੌਰ ‘ਤੇ ਵਰਤਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬ ਦੀ ਨੌਜਵਾਨ ਦੇ ਜੋਸ਼ ਨੂੰ ਸੂਬੇ ਨੂੰ ਅੱਗੇ ਵਧਾਉਣ ਲਈ ਵਰਤੇਗੀ।
ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਵਿਸ਼ਵ ‘ਚ ਵੱਸਦੇ ਸਮੁਚੇ ਪੰਜਾਬੀਆਂ ਦੀ ਯੂਨੀਵਰਸਿਟੀ ਹੈ ਅਤੇ ਇਹ ਰਹਿੰਦੀ ਦੁਨੀਆਂ ਤੱਕ ਕਾਇਮ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਨਣ ਦੇ ਕੁਝ ਦਿਨਾਂ ਅੰਦਰ ਹੀ ਇੱਥੇ ਆਉਣ ਦਾ ਫੈਸਲਾ ਕਰਨਾ ਸ. ਮਾਨ ਦੀ ਪੰਜਾਬੀ ਯੂਨੀਵਰਸਿਟੀ ਪ੍ਰਤੀ ਫ਼ਿਕਰਮੰਦੀ ਨੂੰ ਦਰਸਾਉਂਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵਿਜ਼ਨ ਅਤੇ ਰੰਗ ਮੰਚ ਮਹਾਂ ਉਤਸਵ ਦੇ ਸਮਾਪਤੀ ਮੌਕੇ ਉਘੇ ਫ਼ਿਲਮਕਾਰ ਮਨਮੋਹਨ ਸਿੰਘ, ਪ੍ਰਸਿੱਧ ਪੰਜਾਬੀ ਅਦਾਕਾਰ ਯੋਗਰਾਜ ਸਿੰਘ, ਗੁੱਗੂ ਗਿੱਲ, ਵਿਜੇ ਟੰਡਨ, ਗਾਇਕ ਮੁਹੰਮਦ ਸਦੀਕ ਤੇ ਸੁਰਿੰਦਰ ਛਿੰਦਾ ਅਤੇ ਫ਼ਿਲਮ ਨਿਰਦੇਸ਼ਕ ਸੁਮੀਤ ਕੰਗ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਸੋਵੀਨਰ ਵੀ ਰੀਲੀਜ਼ ਕੀਤਾ। ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸਵਾਗਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਬਾਰੇ ਵਿਸਤ੍ਰਤ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਗੁਰਲਾਲ ਘਨੌਰ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤੰਨ ਸਿੰਘ ਜੌੜੇਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ, ਮੀਤ ਪ੍ਰਧਾਨ ਬੀਨੂ ਢਿੱਲੋਂ, ਸਕੱਤਰ ਮਲਕੀਤ ਰੌਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਫ਼ਿਲਮਾਂ ਦੇ ਅਤੇ ਟੀ.ਵੀ. ਕਲਾਕਾਰ ਅਤੇ ਵਿਦਿਆਰਥੀ ਮੌਜੂਦ ਸਨ।
Random Posts
No proposal to withdraw cheque book facility in banks: Finance Ministry
- Verka and Amul milk now costs Rs 2 per liter in Punjab
Maiden meeting of the Sub-committee of Sri Guru Teg Bahadur Ji Chair at World University
- Truck Driver Hardeep Tiwana shot dead in Bakersfield California
List of Punjab Police officers for PPMDS PMMS Award
Biba Jai Inder Kaur appointed as President Jat Maha Sabha women wing Punjab
- Atal Bihari Vajpayi passes away
Punjab preparing for third wave of covid
6700+ case 76 deaths in Punjab April 23