Divisional Commissioner Chandra Gaind Urges Farmers To Adopt Paddy Sowing Technique

April 11, 2022 - PatialaPolitics

Divisional Commissioner Chandra Gaind Urges Farmers To Adopt Paddy Sowing Technique

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦਾ ਸੱਦਾ

-ਦਿਨੋਂ-ਦਿਨ ਡੂੰਘਾ ਹੋ ਰਿਹਾ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ-ਚੰਦਰ ਗੈਂਦ

-ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕਤਾ ਵੈਨ ਰਵਾਨਾ

-ਨਾਭਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ ਐਮ.ਐਲ.ਏ. ਨਾਭਾ, ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਵੀ ਹੋਣਗੇ ਸ਼ਾਮਲ

ਪਟਿਆਲਾ, 11 ਅਪ੍ਰੈਲ:

ਦਿਨੋਂ-ਦਿਨ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੱਦੂ ਕਰਕੇ ਝੋਨੇ ਦੀ ਪਨੀਰੀ ਲਗਾਉਣ ਦੇ ਰਵਾਇਤੀ ਢੰਗ ਦੀ ਥਾਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਝੋਨੇ ਦੀ ਕਾਸ਼ਤ ਸਮੇਂ ਪਾਣੀ ਦੀ ਬੁਹਤ ਘੱਟ ਖਪਤ ਹੁੰਦੀ ਹੈ ਅਤੇ ਝਾੜ ‘ਚ ਵੀ ਵਾਧਾ ਹੁੰਦਾ ਹੈ।

ਇਸ ਮੰਤਵ ਲਈ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਗੈਂਦ ਦੀ ਪ੍ਰੇਰਣਾ ਸਦਕਾ ਤਿਆਰ ਕਰਵਾਈ ਐਲ.ਈ.ਡੀ. ਲੱਗੀ ਜਾਗਰੂਕਤਾ ਵੈਨ ਨੂੰ ਅੱਜ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੈਨ ‘ਚ ਝੋਨੇ ਦੀ ਸਿੱਧੀ ਬਿਜਾਈ ਸਫ਼ਲਤਾ ਪੂਰਵਕ ਕਰਨ ਵਾਲੇ ਕਿਸਾਨਾਂ ਦੇ ਤਜ਼ੁਰਬੇ ਸਾਂਝੇ ਕੀਤੇ ਗਏ ਹਨ।

ਇਸ ਮੌਕੇ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ, ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਅਤੇ ਧਰਤੀ ਹੇਠਲੇ ਪਾਣੀ ਬਚਾਉਣ ਲਈ ਨਵੀਂਆਂ ਤਕਨੀਕਾਂ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ ਲਈ ਹੋਰਨਾਂ ਉਪਰਾਲਿਆਂ ਦੇ ਨਾਲ-ਨਾਲ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਸ੍ਰੀ ਚੰਦਰ ਗੈਂਦ ਨੇ ਝੋਨੇ ਦੀ ਸਿੱਧੀ ਬਿਜਾਈ ਸਫ਼ਲਤਾ ਪੂਰਵਕ ਕਰਨ ਵਾਲੇ ਅਤੇ ਪ੍ਰਧਾਨ ਮੰਤਰੀ ਅਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਦੀ ਉਦਾਰਹਣ ਦਿੰਦਿਆਂ ਕਿਹਾ ਕਿ ਕਿਸਾਨ, ਖੇਤਾਂ ‘ਚ ਵੱਟਾਂ ਪਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਜਿਸ ਨਾਲ ਕਿ ਧਰਤੀ ਹੇਠਲੇ ਪਾਣੀ ਸਮੇਤ ਵਾਤਾਵਰਣ ਵੀ ਬਚੇਗਾ ਅਤੇ ਨਾਲ ਹੀ ਫ਼ਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਜੱਥੇਬੰਦੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਸਾਥ ਵੀ ਲਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 1 ਜਾਗਰੂਕਤਾ ਵੈਨ ਜ਼ਿਲ੍ਹੇ ਦੀਆਂ ਮੰਡੀਆਂ ਸਮੇਤ 40 ਪਿੰਡਾਂ ਦਾ ਦੌਰਾ ਕਰੇਗੀ ਅਤੇ ਜਲਦ ਹੀ 3 ਵੈਨਾਂ ਹੋਰ ਵੀ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਵੱਡੀਆਂ ਸਕਰੀਨਾਂ ਲਗਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹੋਰ ਦੱਸਿਆ ਕਿ ਪੰਜਾਬ ਫਾਰਮ, ਨਾਭਾ ਵਿਖੇ 12 ਅਪ੍ਰੈਲ ਮੰਗਲਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ‘ਚ ਐਮ.ਐਲ.ਏ. ਨਾਭਾ ਗੁਰਦੇਵ ਸਿੰਘ ਮਾਨ ਸਮੇਤ ਡਵੀਜ਼ਨਲ ਕਮਿਸ਼ਨਰ ਤੇ ਉਹ ਖ਼ੁਦ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸਿਖਲਾਈ ਕੈਂਪ ਦਾ ਲਾਭ ਉਠਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਪ੍ਰੀਤ ਸਿੰਘ ਥਿੰਦ, ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵੰਤ ਰਾਏ, ਭੂਮੀ ਪਰਖ ਅਫ਼ਸਰ ਡਾ. ਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।