Section 144 Imposed In Patiala till 28 March 2018
February 5, 2018 - PatialaPolitics
ਪਟਿਆਲਾ, 5 ਫਰਵਰੀ
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਰਾਜ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ 28 ਮਾਰਚ 2018 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ ‘ਤੇ ਲਾਗੂ ਨਹੀਂ ਹੋਣਗੇ।