Patiala News

February 9, 2018 - PatialaPolitics

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖ਼ਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ ‘ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 04 ਅਪ੍ਰੈਲ 2018 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜ਼ਿਲ੍ਹਾ ਪਟਿਆਲਾ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੀ ਤਜਵੀਜ਼ ਹੇਠ ਰੇਲ ਪਟੜੀ, ਪਾਵਰ ਟਰਾਂਸਮਿਸ਼ਨ ਲਾਈਨਾਂ, ਰਜਬਾਹੇ, ਨਹਿਰਾਂ ਦੇ ਕੰਢੇ ਅਤੇ ਪੁਲਾਂ ਤੇ ਸਰਕਾਰੀ ਪ੍ਰਾਪਰਟੀ ਆਦਿ ਨੂੰ ਤੋੜ ਫੋੜ ਤੋਂ ਬਚਾਉਣ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਤੋੜ-ਫੋੜ ਦੀ ਕਾਰਵਾਈ ਕਰਨ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪਟਿਆਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੀ ਤੁਰੰਤ ਜ਼ਰੂਰਤ ਹੈ ।