Don’t carry your licensed arm at Patiala Marriage Palace
February 12, 2018 - PatialaPolitics
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 4 ਅਪਰੈਲ 2018 ਤੱਕ ਲਾਗੂ ਰਹਿਣਗੇ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਦਾ । ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।