ARMY Recruitment at Patiala from 17 to 30 September

September 15, 2022 - PatialaPolitics

 

ARMY Recruitment at Patiala from 17 to 30 September

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ੌਜ ਦੇ ਸਹਿਯੋਗ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ-ਸਾਕਸ਼ੀ ਸਾਹਨੀ
-ਛੇ ਜ਼ਿਲ੍ਹਿਆਂ ਦੇ 27 ਹਜ਼ਾਰ ਉਮੀਦਵਾਰ ਭਰਤੀ ਰੈਲੀ ‘ਚ ਹੋਣਗੇ ਸ਼ਾਮਲ: ਭਰਤੀ ਡਾਇਰੈਕਟਰ
-ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਰੈਲੀ 17 ਸਤੰਬਰ ਤੋਂ ਹੋਵੇਗੀ ਸ਼ੁਰੂ
ਪਟਿਆਲਾ, 15 ਸਤੰਬਰ:
ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਲਈ 17 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਭਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਫ਼ੌਜੀ ਭਰਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ੌਜ, ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਰੋਡ ‘ਤੇ ਸਥਿਤ ਆਰਮੀ ਏਰੀਆ ਵਿਖੇ ਪਟਿਆਲਾ ਏਵੀਏਸ਼ਨ ਕਲੱਬ ਦੇ ਸਾਹਮਣੇ ਭਰਤੀ ਗਰਾਊਂਡ ਵਿਖੇ 17 ਸਤੰਬਰ ਨੂੰ ਸਵੇਰੇ 2.30 ਵਜੇ ਭਰਤੀ ਲਈ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਕੇ ਐਡਮਿਟ ਕਾਰਡ ਹਾਸਲ ਕਰ ਚੁੱਕੇ ਨੌਜਵਾਨ ਸਰੀਰਕ ਟੈਸਟਾਂ ਲਈ ਦਾਖਲ ਹੋਣੇ ਸ਼ੁਰੂ ਹੋ ਜਾਣਗੇ।
ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੰਗਰੂਰ ਰੋਡ ‘ਤੇ ਇੱਕ ਪਾਸੇ ਟ੍ਰੈਫਿਕ ਡਾਇਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਟ੍ਰੈਫਿਕ ਪ੍ਰਬੰਧਨ ਲਈ ਬੈਰੀਗਕੇਡਿੰਗ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਤੋਂ ਬਿਨ੍ਹਾਂ ਡਿਊਟੀ ਮੈਜਿਸਟ੍ਰੇਟਾਂ ਦੀ ਤਾਇਨਾਤੀ ਤੇ ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਪਟਿਆਲਾ ਸ਼ਹਿਰ ਤੋਂ ਆਵਾਜਾਈ ਲਈ ਬੱਸਾਂ ਦਾ ਪ੍ਰਬੰਧ ਕੀਤੇ ਗਏ ਹਨ।
ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਅਸੀਸ਼ ਲਾਲ ਨੇ ਦੱਸਿਆ ਕਿ 17 ਸਤੰਬਰ ਤੋਂ 30 ਸਤੰਬਰ ਤੱਕ ਚੱਲਣ ਵਾਲੀ ਭਰਤੀ ਰੈਲੀ ਵਿੱਚ ਛੇ ਜ਼ਿਲ੍ਹਿਆ ਦੇ 27 ਹਜ਼ਾਰ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਦੀ ਭਰਤੀ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਰਤੀ ਨੂੰ ਫ਼ੌਜ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫ਼ਲ ਬਣਾਇਆ ਜਾਵੇਗਾ।
ਕਰਨਲ ਅਸੀਸ਼ ਲਾਲ ਨੇ ਦੱਸਿਆ ਕਿ ਭਰਤੀ ਹੋਣ ਆਏ ਉਮੀਦਵਾਰਾਂ ਦਾ ਦਾਖਲਾ ਸਵੇਰੇ 2:30 ਵਜੇ ਤੋਂ ਸਵੇਰੇ 6 ਵਜੇ ਤੱਕ ਗੇਟ ਨੰਬਰ 3 ਤੋਂ ਹੋਵੇਗਾ ਤੇ 2 ਨੰਬਰ ਗੇਟ ਤੋਂ ਬਾਹਰ ਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਡੀਕਲ ਲਈ ਉਮੀਦਵਾਰ ਅਗਲੇ ਦਿਨ ਗੇਟ ਨੰਬਰ 1 ਰਾਹੀਂ ਦਾਖਲ ਹੋਣਗੇ।
ਮੀਟਿੰਗ ‘ਚ ਮੌਜੂਦ ਐਸ.ਪੀ. ਸਥਾਨਕ ਹਰਬੰਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਚਾਰੂ ਆਵਾਜਾਈ ਤੇ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ। ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ ਨਗਰ ਨਿਗਮ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਇਸ ਤੋਂ ਬਾਅਦ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਭਰਤੀ ਵਾਲੀ ਜਗ੍ਹਾ ਦਾ ਦੌਰਾ ਵੀ ਕੀਤਾ।