Patiala started preparing for Dengue 2018

March 7, 2018 - PatialaPolitics

ਗਰਮੀ ਅਤੇ ਬਰਸਾਤ ਦੇ ਦਿਨਾਂ ਵਿੱਚ ਫੈਲਣ ਵਾਲੇ ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਬਚਾਓ ਅਤੇ ਰੋਕਥਾਮ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਨਿਰੇਦਸ਼ ਦਿੱਤੇ ਕਿ ਹਰ ਸ਼ੁਕਰਵਾਰ ਨੂੰ ਸਿਹਤ ਵਿਭਾਗ ਦੇ ਐਸ.ਐਮ.ਓ. ਸਬੰਧਿਤ ਐਸ.ਡੀ.ਐਮ., ਬੀ.ਡੀ.ਓ. ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੈ ਕੇ ਡੇਂਗੂ ਸੰਭਾਵਤ ਇਲਾਕਿਆ ਦਾ ਦੌਰਾ ਕਰਨ ਅਤੇ ਇਹ ਦੇਖਣ ਕਿ ਕਿਧਰੇ ਡੇਂਗੂ ਮਲੇਰੀਆਂ ਜਾ ਕੋਈ ਹੋਰ ਬਿਮਾਰੀ ਫੈਲਣ ਦੀ ਸੰਭਾਵਨਾ ਤਾ ਨਹੀਂ ਹੈ ਜੇਕਰ ਹੈ ਤਾਂ ਮੌਕੇ ‘ਤੇ ਹੀ ਜ਼ਰੂਰੀ ਉਪਾਅ ਵੀ ਕਰਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੇ ਸਾਲ ਇਹਨਾਂ ਨਾ ਮੁਰਾਦ ਬਿਮਾਰੀਆਂ ਨੇ ਬਹੁਤ ਸਾਰੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪਾਇਆ ਸੀ ਇਸ ਲਈ ਬਿਮਾਰੀ ਫੈਲਣ ਤੋਂ ਬਾਅਦ ਲੋਕਾਂ ਨੂੰ ਬਚਾਅ ਕੇ ਉਹਨਾਂ ਦਾ ਇਲਾਜ ਕਰਨਾ ਜ਼ਰੂਰੀ ਹੈ ਉਥੇ ਹੀ ਬਿਮਾਰੀ ਫੈਲਣ ਤੋਂ ਪਹਿਲਾ ਹੀ ਰੋਕਥਾਮ ਦੇ ਉਪਾਅ ਵੀ ਕੀਤੇ ਜਾਣੇ ਚਾਹੀਦੇ ਹਨ।
ਸ੍ਰੀ ਕੁਮਾਰ ਅਮਿਤ ਨੇ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲ ਦੀ ਹਦੂਦ ਅੰਦਰ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੋਗਿੰਗ ਮਸ਼ੀਨ ਰਾਹੀ ਵੱਧ ਤੋਂ ਵੱਧ ਸਪਰੇਅ ਕਰਵਾਇਆ ਜਾਵੇ ਤਾਂ ਜੋ ਗੰਦਗੀ ਦੇ ਕਾਰਨ ਮੱਛਰ ਪੈਦਾ ਨਾ ਹੋ ਸਕੇ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਮੇਂ ਹਰ ਰੋਜ਼, ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਰਾਹੀਂ ਪੇਂਡੂ ਖੇਤਰ ਵਿੱਚ ਬਣੇ ਟੋਭਿਆਂ ਦੀ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ।
ਸ੍ਰੀ ਕੁਮਾਰ ਅਮਿਤ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ 11 ਤੋਂ 13 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਾਗਰੂਕਤਾ ਸਮੱਗਰੀ ਦੀ ਵੰਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਅੰਦਰ ਕੂਲਰਾਂ,ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਪਾਣੀ ਨਾਲ ਸੁਕਾ ਕੇ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਹਿੱਤ ਦੇ ਇਸ ਕਾਰਜ਼ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਿਹਤ ਵਿਭਾਗ ਨੂੰ ਬਣਦਾ ਸਹਿਯੋਗ ਦੇਣ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪਿਛਲੇ ਸਾਲ ਜ਼ਿਲ੍ਹੇ ਚ ਡੇਂਗੂ ਦੇ ਬਹੁਤ ਜ਼ਿਆਦਾ ਕੇਸ ਪਾਸਟਿਵ ਪਾਏ ਗਏ ਸੀ ਇਸ ਨਾਲ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਵੀ ਬਣ ਗਿਆ ਅ ਤੇ ਜਿਹਨਾਂ ਨੂੰ ਡੇਂਗੂ ਨਹੀਂ ਸੀ ਉਹ ਵੀ ਹਸਪਤਾਲਾਂ ਵਿੱਚ ਆਉਣ ਲੱਗੇ। ਅਜਿਹੇ ਚ ਡੇਂਗੂ ਬਾਰੇ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲ ਅਤੇ ਲੈਬ ਲਈ 2017 ਵਿੱਚ ਜਾਰੀ ਕੀਤੇ ਗਏ ਰੈਗੂਲੇਸ਼ਨ ਅਨੁਸਾਰ ਐਲਾਇਜਾ ਅਧਾਰਿਤ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਾ ਕੀਤਾ ਜਾਵੇ। ਡੇਂਗੂ ਨੂੰ ਜੀਰੋ ਪੱਧਰ ‘ਤੇ ਲਿਆਉਣ ਲਈ ਐਨ.ਜੀ.ਓ ਅਤੇ ਜ਼ਿਲ੍ਹਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਸ ਤੋ ਪਹਿਲਾ ਸਿਵਲ ਸਰਜਨ ਸ੍ਰੀ ਹਰੀਸ ਮਲਹੋਤਰਾ ਨੇ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚ ਖੂਨ ਵਗਣਾ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਸਲਾਹ ਲੈਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਡਿਆਂ ਨੂੰ ਹਫ਼ਤੇ ਅੰਦਰ ਜਰੂਰ ਸਾਫ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ ਪਟਿਆਲਾ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ ਰਾਜਪੁਰਾ ਸ੍ਰੀ ਸੰਜੀਵ ਕੁਮਾਰ, ਐਸ.ਡੀ.ਐਮ ਨਾਭਾ ਜਸ਼ਨਦੀਪ ਕੌਰ, ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਸੁਧਾ ਗਰੌਵਰ, ਐਪੀਡੋਮਾਲੋਜ਼ਿਸਟ ਡਾ.ਗੁਰਮੀਤ ਸਿੰਘ, ਡਬਲਿਯੂ.ਐਚ.ਓ ਵੱਲੋਂ ਡਾ.ਵਿਕਰਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓ ਹਾਜ਼ਰ ਸਨ।