Strict orders by Patiala DC regarding weapons arm

November 14, 2022 - PatialaPolitics

Strict orders by Patiala DC regarding weapons arm

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ

ਪਟਿਆਲਾ, 14 ਨਵੰਬਰ:
ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।