Orders from Balbir Singh and Ajitpal Singh Kohli to submit monthly progress reports to the district officials

March 16, 2023 - PatialaPolitics

Orders from Balbir Singh and Ajitpal Singh Kohli to submit monthly progress reports to the district officials

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ ਸੁਵਿਧਾ ਕੈਂਪਾਂ, ਮਾਲ ਸੁਵਿਧਾ ਕੈਂਪਾਂ ਤੇ ਜਨ ਸੁਣਵਾਈ ਕੈਂਪਾਂ ਸਮੇਤ ਨਗਰ ਨਿਗਮ ਵੱਲੋਂ ਲੋਕ ਮਿਲਣੀ ਤੇ ਹੈਲਪ ਡੈਸਕ ਸੇਵਾ ਸ਼ੁਰੂ ਸਮੇਤ ਜ਼ਿਲ੍ਹਾ ਪੁਲਿਸ ਦੀ ਸਾਇਬਰ ਕਰਾਈਮ ਮਾਮਲੇ ਹੱਲ ਕੀਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਲੋਕ ਪੱਖੀ ਬਜਟ ਸਮੇਤ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਲੋਕ ਹਿਤੂ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ, ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ ਵੀ ਨਵੇਂ ਉਪਰਾਲੇ ਕਰਦੇ ਹੋਏ ਸਰਕਾਰ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਤੇ ਪੰਜਾਬ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾ ਕੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਜਦਕਿ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।
ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਛੋਟੀ ਨਦੀ, ਵੱਡੀ ਨਦੀ, ਨਹਿਰੀ ਪਾਣੀ ਪ੍ਰਾਜੈਕਟ, ਗਰੀਨ ਬੈਲਟ, ਹੈਰੀਟੇਜ ਸਟਰੀਟ, ਨਸ਼ਾ ਮੁਕਤੀ ਕੇਂਦਰ, ਡੇਅਰੀ ਸ਼ਿਫਟਿੰਗ ਪ੍ਰਾਜੈਕਟ, ਪੀ.ਡੀ.ਏ. ਵੱਲੋਂ ਐਨ.ਓ.ਸੀਜ਼ ਦੇਣ ਦੇ ਕੰਮਾਂ, ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਲਈ ਘਰ, ਨਵਾਂ ਬੱਸ ਅੱਡਾ, ਮਾਡਲ ਟਾਊਨ ਡਰੇਨ, ਤੀਜੇ ਪੜਾਅ ਤਹਿਤ ਆਮ ਆਦਮੀ ਕਲੀਨਿਕ, ਬਿਹਤਰ ਸਿਹਤ ਸੇਵਾਵਾਂ ਲਈ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦਾ ਨਵੀਨੀਕਰਨ, ਸਬ ਡਵੀਜਨ ਤੇ ਸੀ.ਐਚ.ਸੀਜ ਹਸਪਤਾਲਾਂ ਦੀ ਮੁਰੰਮਤ, ਸਕੂਲ ਆਫ਼ ਐਮੀਨੈਂਸ, ਖੇਤੀਬਾੜੀ, ਸ਼ਹਿਰ ‘ਚ ਟ੍ਰੈਫ਼ਿਕ ਸਮੱਸਿਆ ਦੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਲੋਕ ਹਿੱਤਾਂ ਸਬੰਧੀ ਵੱਖ-ਵੱਖ ਮੁੱਦੇ ਉਠਾਏ। ਮੀਟਿੰਗ ‘ਚ ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਨਗਰ ਨਿਗਮ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਦਲਬੀਰ ਕੌਰ, ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।