Patiala to go Green with over 3 Lakh plants - Patiala News | Patiala Politics - Latest Patiala News

Patiala to go Green with over 3 Lakh plants

July 6, 2023 - PatialaPolitics

Patiala to go Green with over 3 Lakh plants

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ 3 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਚਲਾਇਆ ਜਾਵੇ ਅਤੇ ਇਸ ਲਈ ਸਮਾਜ ਸੇਵੀ ਜਥੇਬੰਦੀਆਂ, ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਐਨ.ਜੀ.ਓਜ ਅਤੇ ਸਮੂਹ ਵਿਭਾਗਾਂ, ਸਕੂਲਾਂ ਤੇ ਕਾਲਜਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ ਦੁਧਨਸਾਧਾ ਕ੍ਰਿਪਾਲ ਵੀਰ ਸਿੰਘ ਅਤੇ ਵਣ ਰੇਂਜ ਅਫ਼ਸਰ ਪਟਿਆਲਾ ਸਵਰਨ ਸਿੰਘ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਲਈ ਕਰੀਬ 3 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਵਾਸੀਆਂ ਦੀ ਸਰਗਰਮੀ ਨਾਲ ਹਿੱਸੇਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ‘ਆਈ ਹਰਿਆਲੀ’ ਐਪ ਰਾਹੀਂ ਕੋਈ ਵੀ ਨਾਗਰਿਕ ਮੁਫ਼ਤ ਬੂਟੇ ਲੈਣ ਲਈ ਰਜਿਸਟਰੇਸ਼ਨ ਕਰ ਸਕਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਆਪਣਾ ਹਿੱਸਾ ਪਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ ਅਤੇ ਬੀ.ਡੀ.ਪੀ.ਓਜ ਨੂੰ ਬਲਾਕ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਬੂਟਿਆਂ ਨੂੰ ਲਗਾਇਆ ਜਾ ਸਕਦਾ ਹੈ ਇਸ ਲਈ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਵੀ ਜ਼ਰੂਰੀ ਹੈ।  ਇਸ ਮੌਕੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।