Five lakh saplings will be planted to make Patiala district green
September 5, 2023 - PatialaPolitics
Five lakh saplings will be planted to make Patiala district green
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਸਵਾ ਪੰਜ ਲੱਖ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਜ਼ਿਲ੍ਹੇ ਅੰਦਰ ਸਵਾ ਪੰਜ ਲੱਖ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਤਿੰਨ ਲੱਖ ਪੰਜਾਹ ਹਜ਼ਾਰ ਬੂਟੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਵਾਏ ਜਾਣਗੇ। ਜਦਕਿ ਇੱਕ ਲੱਖ ਪੰਜਾਹ ਹਜ਼ਾਰ ਬੂਟੇ ਨਗਰ ਨਿਗਮ ਤੇ ਕਮੇਟੀ ਅੰਦਰ ਅਤੇ 30 ਹਜਾਰ ਬੂਟੇ ਪੀ.ਡੀ.ਏ ਦੇ ਖੇਤਰ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਾਏ ਗਏ ਬੂਟਿਆਂ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣੀ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੂਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਕਸੀਅਨ ਬਾਗਬਾਨੀ ਨਗਰ ਨਿਗਮ ਦਲੀਪ ਕੁਮਾਰ, ਜੰਗਲਾਤ ਵਿਭਾਗ ਦੇ ਰੇਂਜ ਅਫਸਰ ਸਵਰਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।