Policy for regularisation of illegal colonies in Punjab soon
July 17, 2018 - PatialaPolitics
ਪੰਜਾਬ ਸਰਕਾਰ ਨੇ ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਗਈ ਨਵੀ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਕੁਝ ਤਬਦੀਲੀਆਂ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀ ਸਾਹਿਬਾਨ ਦੇ ਗਰੁੱਪ ਅਤੇ ਕਲੋਨਾਈਜ਼ਰਾਂ ਨਾਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੁਝ ਵਿਧਾਇਕ ਵੀ ਸ਼ਾਮਿਲ ਹੋਏ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਨਵੀਂ ਨੀਤੀ ਦੇ ਖਰੜੇ ਨੂੰ ਕੁੱਝ ਤਬਦੀਲੀਆਂ ਨਾਲ ਮੀਟਿੰਗ ਵਿਚ ਮੌਜੂਦ ਮੰਤਰੀ ਸਾਹਿਬਾਨ ਅਤੇ ਵਿਧਾਇਕਾਂ ਨੇ ਸਹਿਮਤੀ ਦੇ ਦਿੱਤੀ ਹੈ।ਸ. ਬਾਜਵਾ ਨੇ ਦੱਸਿਆ ਕਿ ਨੀਤੀ ਦੇ ਸੋਧੇ ਹੋਏ ਖਰੜੇ ਨੂੰ ਇਸੇ ਹਫਤੇ ਮੁੱਖ ਮੰਤਰੀ ਕੋਲ ਭੇਜ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਸ ਨੂੰ ਮੰਤਰੀ ਮੰਡਲ ਵਿਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਨੀਤੀ ਨੂੰ ਨਵਿਆਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀਆਂ ਹਦਾਇਤਾਂ ਅਤੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਅਤੇ ਕਾਲੋਨਾਈਜ਼ਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨਾਂ ਨਾਲ ਹੀ ਦੱਸਿਆ ਕਿ ਨਵੀਂ ਨੀਤੀ ਬਣਾਉਣ ਸਮੇਂ ਸਾਰੀਆਂ ਸਬੰਧਤਾ ਧਿਰਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਦਾ ਯਤਨ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨੀਤੀ ਵਿੱਚ ਕਲੋਨੀਆਂ ਨੂੰ ਵਿਕਸਤ ਕਰਨ ਵਾਲਿਆਂ ਦੇ ਸੁਝਾਵਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਉਥੇ ਰਹਿੰਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਪਹਿਲ ਦਿੱਤੀ ਗਈ ਹੈ।
ਮੀਟਿੰਗ ਦੀ ਸ਼ੁਰੂਆਤ ਵਿਚ ਗਮਾਡਾ ਦੇ ਅਧਿਕਾਰੀਆਂ ਵਲੋਂ ਗੈਰ ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਨਵਾਂ ਖਰੜਾ ਪੇਸ਼ ਕੀਤਾ।ਜਿਸ ਬਾਰੇ ਮੀਟਿੰਗ ਵਿਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਖੁੱਲ ਕੇ ਵਿਚਾਰ ਪੇਸ਼ ਕੀਤੇ, ਇਸ ਤੋਂ ਇਲਵਾ ਪ੍ਰਾਪਰਟੀ ਡੀਲਰਜ਼ ਐਂਡ ਕਲੋਨਾਈਜ਼ਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ।ਇਸ ਉਪਰੰਤ ਫੈਸਲਾ ਕੀਤਾ ਗਿਆ ਕਿ ਜਿੰਨਾਂ ਸੁਝਾਵਾਂ ‘ਤੇ ਸਭ ਦੀ ਸਹਿਮਤੀ ਹੋਈ ਹੈ ਉਨਾਂ ਨੂੰ ਨਵੀਂ ਨੀਤੀ ਦਾ ਹਿੱਸਾ ਬਣਾ ਕੇ ਮੁੱਖ ਮੰਤਰੀ ਕੋਲ ਭੇਜ ਦਿੱਤਾ ਜਾਵੇ।
ਇਸ ਮੌਕੇ ਪ੍ਰਾਪਰਟੀ ਡੀਲਰਜ਼ ਐਂਡ ਕਲੋਨਾਈਜ਼ਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨੀਤੀ ਦਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਕੋਈ ਵੀ ਕਲੋਨਾਈਜ਼ਰ ਗੈਰਕਾਨੂੰਨੀ ਤਰੀਕੇ ਨਾਲ ਕਲੋਨੀ ਵਿਕਸਤ ਨਹੀਂ ਕਰੇਗਾ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ. ਨਵਜੋਤ ਸਿੰਘ ਸਿੱਧੂ, ਸ. ਸੁਖਬਿੰਦਰ ਸਿੰਘ ਸਰਕਾਰੀਆ, ਸ. ਬਲਬੀਰ ਸਿੰਘ ਸਿੱਧੂ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸਿਆਮ ਸੁੰਦਰ ਅਰੋੜਾ, ਸ੍ਰੀ ਵਿਜੇਇੰਦਰ ਸਿੰਗਲਾ, (ਸਾਰੇ ਕੈਬਨਿਟ ਮੰਤਰੀ), ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ, ਸੁਸ਼ੀਲ ਰਿੰਕੂ ਅਤੇ ਕੁਲਦੀਪ ਵੈਦ (ਵਿਧਾਇਕ) ਤੋਂ ਇਲਾਵਾ ਸ੍ਰੀਮਤੀ ਵਿੰਨੀ ਮਹਾਜਨ ਵਧੀਕ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸ੍ਰੀ ਰਵੀ ਭਗਤ ਮੁੱਖ ਪ੍ਰਬੰਧਕ ਪੁੱਡਾ/ਗਮਾਡਾ, ਟੀ.ਪੀ.ਐਸ ਫੂਲਕਾ, ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ, ਸ੍ਰੀ ਗੁਰਪ੍ਰੀਤ ਸਿੰਘ, ਮੁੱਖ ਟਾਉਨ ਪਲਾਨਰ, ਪੰਜਾਬ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।