Online Building Plan approval in Punjab from 15 August
July 31, 2018 - PatialaPolitics
ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ
– ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸਾਸ਼ਨ ਦੇਣ ਵਿੱਚ ਈ-ਗਵਰਨੈਸ ਦਾ ਅਹਿਮ ਰੋਲ
– ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਦਾ ਮੁਹਾਂਦਰਾ ਤੇ ਕਿਸਮਤ ਬਦਲੇਗੀ: ਸਿੱਧੂ
ਚੰਡੀਗੜ, 31 ਜੁਲਾਈ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਓ.ਬੀ.ਪੀ.ਏ.ਐਸ. ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਅਤੇ ਆਰਕੀਟੈਕਟਾਂ ਦੀ ਲਗਾਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਹੀ।
ਸ. ਸਿੱਧੂ ਨੇ ਕਿਹਾ, ”ਅਸੀਂ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜਦੇ ਸਗੋਂ ਅਗਲੀ ਪੀੜੀ ਲਈ ਲੜਦੇ ਹਾਂ, ਸਾਡੀ ਸਰਕਾਰ ਦਾ ਮਕਸਦ ਆਉਣ ਵਾਲੀਆਂ ਪੀੜੀਆਂ ਲਈ ਬਿਹਤਰ ਸਿਸਟਮ ਛੱਡ ਕੇ ਜਾਣਾ ਹੈ ਜਿਸ ਦੇ ਤਹਿਤ ਈ-ਗਵਰਨੈਂਸ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।” ਉਨਾ ਕਿਹਾ ਕਿ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰ ਕੇ ਜਿੱਥੇ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਸਕਦੀ ਹੈ ਉਥੇ ਸ਼ਹਿਰ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਸੇਵਾਵਾਂ ਮਿਲ ਸਕਦੀਆਂ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਓ.ਬੀ.ਪੀ.ਏ.ਐਸ. 15 ਅਗਸਤ ਤੋਂ ਲਾਗੂ ਹੋਵੇਗਾ ਜੋ ਕਿ ਪੂਰਨ ਤੌਰ ‘ਤੇ ਆਨਲਾਈਨ ਪਲੇਟਫਾਰਮ ਹੈ ਜਿੱਥੇ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਇਕੋ ਥਾਂ ‘ਤੇ ਹੋਵੇਗੀ ਜਿਸ ਨਾਲ ਸ਼ਹਿਰੀਆਂ ਦੀ ਪਹਿਲਾਂ ਹੁੰਦੀ ਖੱਜਲ ਖੁਆਰੀ ਖਤਮ ਹੋਵੇਗੀ। ਇਸ ਵੱਕਾਰੀ ਪ੍ਰਾਜੈਕਟ ਨੂੰ ਵਿਭਾਗ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੀ ਕਿਸਮਤ ਤੇ ਮੁਹਾਂਦਰਾ ਬਦਲਣ ਦੀ ਸਮਰੱਥਾ ਰੱਖਦਾ ਹੈ।
ਸ. ਸਿੱਧੂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਓ.ਬੀ.ਪੀ.ਏ.ਐਸ. ਵਿੱਚ ਪੰਜ ਪੜਾਅ ਹੋਣਗੇ। ਉਨ•ਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਨਕਸ਼ੇ ਪਾਸ ਕਰਵਾਉਣ ਲਈ ਨਿੱਜੀ ਤੌਰ ‘ਤੇ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ। ਇਹ ਪ੍ਰਾਜੈਕਟ ਸਾਰੀਆਂ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਨਗਰ ਸੁਧਾਰ ਟਰੱਸਟਾਂ ਵਿੱਚ ਲਾਗੂ ਹੋਵੇਗਾ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸਾਦ, ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰੀ ਬਲਕਾਰ ਸਿੰਘ, ਨਗਰ ਨਿਗਮਾਂ ਦੇ ਕਮਿਸ਼ਨਰ, ਡਿਪਟੀ ਡਾਇਰੈਕਟਰ ਅਤੇ ਆਰਕੀਟੈਕਟ ਵੀ ਹਾਜ਼ਰ ਸਨ।