Patiala:Penalties imposed on two incidents of stubble burning

October 3, 2023 - PatialaPolitics

Patiala:Penalties imposed on two incidents of stubble burning

”ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ।” ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜਨ ਸ਼ੁਰੂ ਹੋ ਗਿਆ ਹੈ ਜਿਸ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹੋ ਗਈਆਂ ਹਨ।

ਅੱਜ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਦੋ ਥਾਵਾਂ ਉਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ, ਜਿਸ ਉਪਰ ਕਾਰਵਾਈ ਕਰਦਿਆਂ ਸਬੰਧਤ ਕਿਸਾਨਾਂ ਨੂੰ ਵਾਤਾਵਰਣ ਵਿਗਾੜਨ ਲਈ ਕੀਮਤ ਚੁਕਾਉਣ ਬਦਲੇ ਜੁਰਮਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤਾਂ ਵਿੱਚ ਅੱਗ ਲਾਉਣ ਕਾਰਨ ਹੋਏ ਜੁਰਮਾਨੇ ਅਦਾ ਨਾ ਕਰਨ ਦੀ ਸੂਰਤ ਵਿੱਚ ਅਜਿਹੇ, ਇਸ ਨੂੰ ਸਰਕਾਰ ਵੱਲ ਖੜ੍ਹਾ ਬਕਾਇਆ ਮੰਨਿਆ ਜਾਵੇਗਾ ਅਤੇ ਇਨ੍ਹਾਂ ਕਿਸਾਨਾਂ ਨੂੰ ਭਵਿੱਖ ਵਿੱਚ ਆਪਣੇ ਕੰਮਾਂ-ਕਾਰਾਂ ਲਈ ਲੋੜੀਂਦੀਆਂ ਕਿਸੇ ਕਿਸਮ ਦੀ ਐਨ.ਓ.ਸੀਜ਼ ਨਹੀਂ ਦਿੱਤੀਆਂ ਜਾਣਗੀਆਂ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਨਵੇਂ ਅਸਲਾ ਲਾਇਸੈਂਸ ਵੀ ਜਾਰੀ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਉਨ੍ਹਾਂ ਦੇ ਬਣੇ ਹੋਏ ਅਸਲਾ ਲਾਇਸੈਂਸ ਰੀਨਿਊ ਹੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਗਾਕੇ ਪਰਾਲੀ ਦਾ ਨਿਪਟਾਰਾ ਕਰਨ ਦੀ ਕਾਹਲ ਨਾ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਅਜੇ ਕਣਕ ਦੀ ਪੀ.ਬੀ.ਡਬਲਿਊ 826 ਕਿਸਮ ਬੀਜਣ ਲਈ ਕਾਫ਼ੀ ਸਮਾਂ ਹੈ, ਜਿਸ ਕਰਕੇ ਕਿਸਾਨ ਖੇਤਾਂ ਵਿੱਖ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਅਤੇ ਖੇਤੀਬਾੜੀ ਵਿਭਾਗ ਵੱਲੋਂ ਬਿਨ੍ਹਾਂ ਐਸ.ਐਮ.ਐਸ. ਲਗਾਏ ਚੱਲਣ ਵਾਲੀਆਂ ਕੰਬਾਇਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।