Patiala to get 7 more AAP clinics

October 9, 2023 - PatialaPolitics

Patiala to get 7 more AAP clinics

 

ਪਟਿਆਲਾ, 9 ਅਕਤੂਬਰ:

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 7 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ ‘ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਹਿਲਾਂ 58 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਤੇ ਨਵੇਂ 7 ਕਲੀਨਿਕ ਖੁੱਲਣ ਨਾਲ ਜ਼ਿਲ੍ਹੇ ਵਿੱਚ ਕੁੱਲ ਕਲੀਨਿਕਾਂ ਦੀ ਗਿਣਤੀ 65 ਹੋ ਜਾਵੇਗੀ।

ਇਸ ਮੌਕੇ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਵੇਂ ਖੁੱਲਣ ਵਾਲੇ 7 ਆਮ ਆਦਮੀ ਕਲੀਨਿਕਾਂ ਵਿੱਚ ਨਾਲਾਸ, ਡਕਾਲਾ, ਘੱਗਾ ਵਿਖੇ ਭਾਈ ਕੇ ਕਕਰਾਲਾ, ਦੇਵੀਗੜ੍ਹ, ਹੀਰਾ ਬਾਗ ਅਤੇ ਈਸ਼ਵਰ ਨਗਰ (ਵਾਰਡ ਨੰਬਰ 12 ਐਮ.ਸੀ. ਸਨੌਰ) ਵਿਖੇ ਖੁੱਲਣ ਵਾਲੇ ਕਲੀਨਿਕਾਂ ਦਾ ਕੰਮ ਮੁਕੰਮਲ ਹੋਣ ਵਾਲਾ ਹੈ ਜੋ ਆਉਂਦੇ ਦਿਨਾਂ ਵਿੱਚ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਲੀਨਿਕ ਲਈ ਸਥਾਨ ਦੀ ਚੋਣ ਕਰਨ ਸਮੇਂ ਇਸ ਗੱਲ ਦਾ ਖਾਸ ਖਿਆਲ ਰੱਖਿਆ ਗਿਆ ਹੈ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮਿਲ ਸਕਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।