Patiala: Drone at village Darauli Tehsil Patran capturing fire incidents Stubble Burning

October 26, 2023 - PatialaPolitics

Patiala: Drone at village Darauli Tehsil Patran capturing fire incidents Stubble Burning

ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।

ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ ‘ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ ‘ਤੇ ਐਸ.ਡੀ.ਐਮਜ. ਤੇ ਡੀ.ਐਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐਪਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।

****