Fatehgarh Sahib Nagar Kirtan 2023
December 28, 2023 - PatialaPolitics
Fatehgarh Sahib Nagar Kirtan 2023
-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ
-ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ
ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ-
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮ ਨੂੰ ਕੀਤੇ ਆਦੇਸ਼ ਅਨੁਸਾਰ ਨਗਰ ਕੀਰਤਨ ਦੌਰਾਨ 10:00 ਵਜੇ ਸੰਗਤਾਂ ਨੇ ਸਮੂਹਕ ਰੂਪ ਵਿਚ ਮੂਲ ਮੰਤਰ ਦੇ ਜਾਪ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਵਤਾਰ ਸਿੰਘ ਰਿਆ, ਸ. ਸੁਰਜੀਤ ਸਿੰਘ ਭਿਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਪਰਮਜੀਤ ਸਿੰਘ ਖਾਲਸਾ, ਸ. ਰਵਿੰਦਰ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਹਰਪਾਲ ਸਿੰਘ ਜੱਲ੍ਹਾ, ਸਾਬਕਾ ਮੁੱਖ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਗਿਆਨੀ ਪ੍ਰਣਾਮ ਸਿੰਘ, ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਮੈਂਬਰ ਪਾਰਲੀਮੈਂਟ ਸ. ਅਮਰ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਤਰਨਾ ਦਲ, ਸਾਬਕਾ ਸਕੱਤਰ ਸ. ਦਲਮੇਘ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸ. ਜੇਪੀ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਕਰਨੈਲ ਸਿੰਘ ਵਿਰਕ, ਸ. ਨੱਥਾ ਸਿੰਘ, ਸ. ਰਾਜਿੰਦਰਪਾਲ ਸਿੰਘ ਟੌਹੜਾ, ਸ. ਗੁਰਪ੍ਰੀਤ ਸਿੰਘ, ਸ. ਕਰਨੈਲ ਸਿੰਘ, ਸ. ਸੁਰਜੀਤ ਸਿੰਘ ਠੀਕਰੀਵਾਲ ਆਦਿ ਹਾਜ਼ਰ ਸਨ।