ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਸਮੂਹ ਐਸ.ਡੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰਕੇ ਪਿੰਡ ਵਿੱਚ ਨੋਡਲ ਅਫ਼ਸਰ ਲਗਾਏ ਜਾਣ ਅਤੇ 10 ਪਿੰਡਾਂ ‘ਤੇ ਇੱਕ ਸੀਨੀਅਰ ਅਧਿਕਾਰੀ ਨਿਯੁਕਤੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਨੋਡਲ ਅਫ਼ਸਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਵੀ ਤੁਰੰਤ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਸਟਮ ਹਾਈਰਿੰਗ ਸੈਂਟਰਾਂ ਤੋਂ ਮਸ਼ੀਨਾਂ ਕਿਰਾਏ ‘ਤੇ ਲਜਾਕੇ ਪਰਾਲੀ ਪ੍ਰਬੰਧਨ ਦਾ ਕੰਮ ਕਰਨ ਵਾਲੇ ਕਿਸਾਨਾਂ ਲਈ ਕਰਾਏ ਦੇ ਰੇਟ ਨਿਸ਼ਚਿਤ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਦੀ ਵਾਰੀ ਅਨੁਸਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਸ਼ੀਨਾਂ ਮੁਹੱਈਆ ਕਰਵਾਉਣ ਸਮੇਂ ਪਹਿਲਾਂ ਆਓ ਪਹਿਲਾਂ ਪਾਓ ਦੇ ਨਿਯਮ ਅਨੁਸਾਰ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਕਿਰਾਏ ‘ਤੇ ਮਸ਼ੀਨਾਂ ਦੇਣ ਸਮੇਂ ਵਾਰੀ ਨਾਲ ਮਸ਼ੀਨ ਮੁਹੱਈਆ ਨਹੀਂ ਕਰਵਾਏਗਾ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਲਗਾਕੇ ਉਸਦਾ ਨੰਬਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਰਜ਼ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਹ ਖੁਦ ਉਸ ਨੋਡਲ ਅਫ਼ਸਰ ਨੂੰ ਫ਼ੋਨ ਕਰਨਗੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਧਰਤੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਅਤੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪਟਵਾਰੀ, ਮਾਲ ਅਫ਼ਸਰ ਗਿਰਦਾਵਰੀ ਦੀ ਸੂਚੀ ਉਨ੍ਹਾਂ ਨੂੰ ਭੇਜਣਗੇ ਅਤੇ ਗਿਰਦਾਵਰੀ ਕਰਨ ਸਮੇਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਗੇ ਕਿ ਜਿਸ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ ਉਸਦਾ ਵੇਰਵਾ ਗਿਰਦਾਵਰੀ ਵਿਚ ਦਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਗਲਤ ਰਿਪੋਰਟ ਜਾ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।
ਸ਼੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਲ ਹੁੰਦੇ ਖੇਤਾਂ ਅਤੇ ਵਾਤਾਵਰਨ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਮੁਹਿੰਮ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਸਾਰੇ 934 ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਲਗਾਉਣ ਤੋਂ ਦੋ ਦਿਨ ਪਹਿਲਾਂ ਪਿੰਡ ਵਿੱਚ ਕੈਂਪ ਸਬੰਧੀ ਪਿੰਡ ਵਿੱਚ ਦੱਸਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਦਾ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਿਸਾਨ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਸ਼੍ਰੀ ਐਸ.ਐਸ. ਮਠਾੜੂ ਨੇ ਦੱਸਿਆ ਕਿ ਬੋਰਡ ਪੂਰੀ ਤਰਾਂ ਚੌਕਸ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਟੈਲੀਫ਼ਿਲਮ ਵੀ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 2 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਦਿਨ ਕਿਸਾਨਾਂ ਨੂੰ ਪਰਾਲੀ ਨਾਲ ਹੁੰਦੇ ਨੁਕਸਾਨ ਤੋਂ ਜਾਗਰੂਕ ਕਰਨ ਲਈ ਸਬ-ਡਵੀਜ਼ਨ ਪੱਧਰ ‘ਤੇ ਆਪਣੀਆਂ ਸਟਾਲਾਂ ਲਗਾਉਣ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਾਗਬਾਨੀ ਵਿੱਚ ਪਰਾਲੀ ਦੀ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਆਲੂ, ਲਸਣ, ਅਮਰੂਦਾਂ ਦੇ ਬਾਗ ਅਤੇ ਖੁੰਬਾਂ ਵਿੱਚ ਪਰਾਲੀ ਦੀ ਵਰਤੋਂ ਨਾਲ ਪੈਦਾਵਾਰ ਵਿੱਚ ਹੁੰਦੇ ਵਾਧੇ ਬਾਰੇ ਦੱਸਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਉਹ ਸਕੂਲਾਂ ਵਿੱਚ ਪਰਾਲੀ ਨਾਲ ਹੁੰਦੇ ਨੁਕਸਾਨ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਅਤੇ ਸਕੂਲਾਂ ਵਿੱਚ ਪੈਂਫਲਿਟ ਅਤੇ ਪੋਸਟਰ ਵੰਡੇ ਜਾਣ ਤਾਂ ਕਿ ਬੱਚੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਸੁਚੇਤ ਹੋ ਸਕਣ।
ਸ਼੍ਰੀ ਕੁਮਾਰ ਅਮਿਤ ਨੇ ਪਸ਼ੂ ਪਾਲਣ ਵਿਭਾਗ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅਮੋਨੀਆ ਨਾਲ ਟਰੀਟਮੈਂਟ ਕਰਨ ਉਪਰੰਤ ਚਾਰੇ ਵਿੱਚ ਵਰਤੋਂ ਅਤੇ ਗਊਸ਼ਾਲਾਵਾਂ ਵਿੱਚ ਖਪਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਨਵੀਆਂ ਅਤੇ ਪੁਰਾਣੀਆਂ ਕੰਬਾਇਨਾ ਉਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਵਾਲੀਆਂ ਮਸ਼ੀਨਾਂ ਨੂੰ ਕਟਾਈ ਨਾ ਕਰਨ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਂਦੇ ਪੈਂਫਲਿਟ ਅਤੇ ਪੋਸਟਰ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਹ ਪੈਂਫਲਿਟ ਅਤੇ ਪੋਸਟਰ ਹਰ ਸਕੂਲ ਅਤੇ ਹਰ ਪਿੰਡ ਵਿੱਚ ਵੰਡੇ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮ ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪਾਲਿਕਾ ਅਰੋੜਾ, ਡੀ.ਐਸ.ਪੀ. ਟ੍ਰੈਫ਼ਿਕ ਸ਼੍ਰੀ ਸੌਰਭ ਜਿੰਦਲ, ਤਹਿਸੀਲਦਾਰ ਨਾਭਾ ਸ਼੍ਰੀ ਸੁਖਜਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਸਮਾਣਾ ਸ਼੍ਰੀ ਸੰਦੀਪ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸ਼੍ਰੀ ਐਸ.ਐਸ. ਮਠਾੜੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਅਰਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਿੰਦਰ ਕੁਮਾਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਬੀ.ਐਸ ਬਰਾੜ, ਨੋਡਲ ਅਫ਼ਸਰ ਡੇਅਰੀ ਵਿਕਾਸ ਬੋਰਡ ਸ਼੍ਰੀ ਅਸ਼ੋਕ ਰੌਣੀ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਦੇ ਪੈਂਫਲਿਟ ਅਤੇ ਪੋਸਟਰ ਜਾਰੀ ਕਰਦੇ ਹੋਏ, ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮ ਪਟਿਆਲਾ ਸ਼ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਪਾਤੜਾਂ ਸ਼੍ਰੀਮਤੀ ਪਾਲਿਕਾ ਅਰੋੜਾ ਸਮੇਤ ਹੋਰ ਅਧਿਕਾਰੀ।
Post Views: 369