Stop burning stubble:Husan Lal
October 6, 2018 - PatialaPolitics
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਤੇ ਨੇੜਿਓਂ ਨਿਗਰਾਨੀ ਰੱਖਣ ਲਈ ਸੂਬੇ ਦੇ 10 ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ ਜ਼ਿਲ੍ਹੇ ਲਈ ਨਿਗਰਾਨ ਵਜੋਂ ਲਗਾਏ ਗਏ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਸਮੂਹ ਸਬ ਡਵੀਜਨਲ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਇਸ ਮੌਕੇ ਸ੍ਰੀ ਹੁਸਨ ਲਾਲ ਨੇ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤਾਂ ਤੇ ਸਾਂਹ ਲੈਣ ਲਈ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਪਰਾਲੀ ਸਾੜਨੀ ਬੰਦ ਕਰਵਾਉਣ ਬਾਬਤ ਪੰਜਾਬ ਸਰਕਾਰ ਦੀ ਗੰਭੀਰਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ‘ਤੇ ਬੇਹੱਦ ਗੰਭੀਰ ਅਤੇ ਪੂਰੀ ਤਰ੍ਹਾਂ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਰਕੇ ਮਨੁੱਖ, ਜੀਵ ਜੰਤੂਆਂ ਦੀ ਸਿਹਤ ਅਤੇ ਧਰਤੀ ‘ਤੇ ਬਹੁਤ ਜਿਆਦਾ ਬੁਰਾ ਪ੍ਰਭਾਵ ਪੈਂਦਾ ਅਤੇ ਜੇਕਰ ਅਸੀਂ ਤੰਦਰੁਸਤ ਹੀ ਨਾ ਰਹੇ ਤਾਂ ਪੰਜਾਬ ਦਾ ਵਜੂਦ ਵੀ ਖ਼ਤਰੇ ‘ਚ ਪੈ ਜਾਵੇਗਾ, ਇਸ ਲਈ ਹਰ ਹੀਲਾ ਹਰਬਾ ਵਰਤ ਕੇ ਇਸ ‘ਤੇ ਰੋਕ ਲਾਉਣੀ ਜਰੂਰੀ ਹੈ।
ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਪਰਾਲੀ ਸਾੜਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਦੋਂ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਏਅਰ ਐਕਟ 1981 ਦੀਆਂ ਧਾਰਾਵਾਂ ਤਹਿਤ ਵੱਖਰੇ ਤੌਰ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਪਰੰਤੂ ਇਸ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਿਰੁੱਧ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਹ ਬਿਨ੍ਹਾਂ ਕਿਸੇ ਕਾਰਵਾਈ ਦੇ ਪਰਾਲੀ ਨੂੰ ਦੂਜੇ ਸਾਧਨਾਂ ਨਾਲ ਸੰਭਾਲਣ ਅਤੇ ਜਮੀਨ ਦੇ ਵਿੱਚ ਹੀ ਗਾਲ ਦੇਣ। ਉਨ੍ਹਾਂ ਨਾਲ ਹੀ ਦੱਸਿਆ ਕਿ ਸਰਕਾਰ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਨਿਰਵਿਘਨਾ ਸਹਿਤ ਨੇਪਰੇ ਚਾੜ੍ਹੇਗੀ ਅਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪਰਾਲੀ ਸੰਭਾਲਣ ਲਈ ਵਰਤੀ ਜਾਂਦੀ ਮਸ਼ੀਨਰੀ ਦੀ ਖਰੀਦ ਲਈ ਪੰਜਾਬ ਲਈ 665 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ, ਜਿਸ ਤਹਿਤ ਅਜਿਹੀ ਮਸ਼ੀਨਰੀ ਇਕੱਲੇ ਕਿਸਾਨ ਵੱਲੋਂ ਖਰੀਦ ਕਰਨ ‘ਤੇ 50 ਫੀਸਦੀ ਅਤੇ ਸਹਿਕਾਰੀ ਜਾਂ ਸਾਂਝੇ ਤੌਰ ‘ਤੇ ਖਰੀਦਣ ਲਈ 80 ਫੀਸਦੀ ਸਬਸਿਡੀ ਮਿਲਦੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਆਪਣਾ ਨਿਜੀ ਰਸੂਖ ਵਰਤਕੇ ਵੀ ਪਰਾਲੀ ਸਾੜਨੀ ਬੰਦ ਕਰਵਾਉਣ ਲਈ ਸੰਵੇਦਨਸ਼ੀਲਤਾ ਦਿਖਾਏ।
ਸ੍ਰੀ ਹੁਸਨ ਲਾਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਕਰਕੇ ਪੂਰਾ ਉਤਰ ਭਾਰਤ ਧੂੰਏ, ਧੁੰਦ ਅਤੇ ਪ੍ਰਦੂਸ਼ਣ ਨਾਲ ਘਿਰ ਜਾਂਦਾ ਹੈ, ਜਿਸ ਲਈ ਸਰਕਾਰ ਨੇ ਆਪਣੇ ਮੁਲਾਜਮਾਂ, ਜਿਨ੍ਹਾਂ ਕੋਲ ਖੇਤੀਬਾੜੀ ਜਮੀਨਾਂ ਹਨ, ਉਨ੍ਹਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਜਮੀਨਾਂ ‘ਚ ਪਰਾਲੀ ਨੂੰ ਅੱਗ ਨਾ ਲਾਏ ਜਾਣ ਬਾਬਤ ਲਿਖਕੇ ਲੈਣ ਦਾ ਵੀ ਫੈਸਲਾ ਲਿਆ ਹੈ। ਜਦੋਂਕਿ ਇਸਨੂੰ ਸੈਟੇਲਾਇਟ ਰਾਹੀਂ ਵੀ ਮੋਨੀਟਰ ਕੀਤਾ ਜਾਂਦਾ ਹੈ ਅਤੇ ਦਿਨ ‘ਚ ਦੋ ਵਾਰ ਸੈਟੇਲਾਇਟ ਤਸਵੀਰ ਹਰ ਜ਼ਿਲ੍ਹੇ ਦੇ ਡੀ.ਸੀ. ਕੋਲ ਪੁੱਜਦੀ ਹੈ ਅਤੇ ਹਰ ਪਿੰਡ ‘ਚ ਇੱਕ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪਰਾਲੀ ਸਾੜਨੀ ਬਿਲਕੁਲ ਬੰਦ ਕੀਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸ੍ਰੀ ਹੁਸਨ ਲਾਲ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਤਾਂ ਨੇਪਰੇ ਚੜ੍ਹਾਈ ਹੀ ਜਾਵੇਗੀ ਸਗੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕਰਨ ਲਈ ਪਰਾਲੀ ਨੂੰ ਅੱਗ ਲਾਉਣ ਦੀਆਂ ਸੰਭਾਵਤ ਘਟਨਾਵਾਂ ‘ਤੇ ਵੀ ਪੂਰੀ ਤਰ੍ਹਾਂ ਕਾਬੂ ਪਾਇਆ ਜਾਵੇਗਾ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾਉਣ ਬਾਬਤ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਪਿੰਡਾਂ ‘ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਦੋ ਵੈਨਾਂ ਭੇਜੀਆਂ ਜਾਂਣਗੀਆਂ ਅਤੇ ਮੌਜੂਦਾ ਸਮੇਂ ਸਹਿਕਾਰਤਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅੱਗ ਨਾ ਲਾਉਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 101 ਖਰੀਦ ਕੇਂਦਰਾਂ ‘ਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹਨ ਤੇ ਬਾਰਦਾਨੇ ਅਤੇ ਲੇਬਰ ਸਮੇਤ ਢੋਆ ਢੁਆਈ ਦੇ ਸਾਧਨਾਂ ਦੇ ਪ੍ਰਬੰਧ ਕਰ ਲਏ ਗਏ ਹਨ ਜਦੋਂਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ 15 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ ਅਤੇ ਅੱਜ ਤੱਕ 14 ਹਜ਼ਾਰ ਮੀਟ੍ਰਿਕ ਝੋਨੇ ਦੀ ਆਮਦ ਹੋਈ ਹੈ ਤੇ 12 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਏ.ਡੀ.ਸੀ.(ਜ) ਸ੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮਜ ਸਮੇਤ ਫੂਡ ਤੇ ਸਿਵਲ ਸਪਲਾਈਜ, ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਰਾ ਮੈਨੇਜਰ, ਮੰਡੀ ਬੋਰਡ, ਖੇਤੀਬਾੜੀ, ਪਸ਼ੂ ਪਾਲਣ, ਸਹਿਕਾਰਤਾ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਨੰ: ਲਸਪ (ਪ੍ਰੈ.ਰੀ.)-18/