Aap di Sarkar, Aap de Dwar camps in Patiala
February 8, 2024 - PatialaPolitics
Aap di Sarkar, Aap de Dwar camps in Patiala
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਆਪ ਦੀ ਸਰਕਾਰ ਆਪ ਦੇ ਦੁਆਰ
‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ
– ਕੈਂਪਾਂ ‘ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ
-2000 ਦੇ ਕਰੀਬ ਨਾਗਰਿਕ ਕੈਂਪਾਂ ‘ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ
ਪਟਿਆਲਾ, 8 ਫਰਵਰੀ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਰੋਜ਼ਾਨਾਂ ਕਰੀਬ 2000 ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ 56 ਸੇਵਾਵਾਂ ਹੀ ਲੋਕਾਂ ਨੇ ਪ੍ਰਾਪਤ ਕੀਤੀਆਂ ਸਨ ਤੇ ਦੂਜੇ ਦਿਨ 86 ਅਤੇ ਅੱਜ ਤੀਜੇ ਦਿਨ 941 ਸੇਵਾਵਾਂ ਲੋਕਾਂ ਨੇ ਮੌਕੇ ‘ਤੇ ਹੀ ਪ੍ਰਾਪਤ ਕੀਤੀਆਂ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖ਼ੁਦ ਵੀ ਇਨ੍ਹਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ।
ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗ ਰਹੇ ਹਨ ਤੇ ਲਗਾਤਾਰ ਇੱਕ ਮਹੀਨਾਂ ਲੱਗਣਗੇ।
******
ਫੋਟੋ ਕੈਪਸ਼ਨ-ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਦੀ ਤਸਵੀਰ।