Discussion regarding ongoing sweep activities in Patiala district

February 22, 2024 - PatialaPolitics

Discussion regarding ongoing sweep activities in Patiala district

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ

-ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਕੀਤੀ ਚਰਚਾ

-ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ‘ਚ ਈ.ਐਲ.ਸੀ. ਕਲੱਬ ਬਣਾਏ ਜਾਣ

ਪਟਿਆਲਾ, 22 ਫਰਵਰੀ:

ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਸਵੀਪ ਦੇ ਨੋਡਲ ਅਫ਼ਸਰ ਨਾਲ ਜ਼ਿਲ੍ਹੇ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਵੀ ਮੌਜੂਦ ਸਨ।

ਪ੍ਰੋ. ਰੇਖੀ ਨੇ ਕਿਹਾ ਕਿ ਵੋਟ ਪ੍ਰਤੀਸ਼ਤ ਵਧਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 70 ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਪਬਲੀਸਿਟੀ ਮੋਬਾਈਲ ਵੈਨਾਂ ਦੀ ਮਦਦ ਵੀ ਲਈ ਜਾ ਰਹੀ ਹੈ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜਿਥੇ ਇਲੈਕਟਰੋਲ ਲਿਟਰੇਸੀ ਕਲੱਬ ਬਣੇ ਹੋਏ ਹਨ, ਉਥੇ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਈ.ਐਲ.ਸੀ. ਕਲੱਬ ਨਹੀਂ ਹਨ ਉਥੇ ਤੁਰੰਤ ਕਲੱਬਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਕਵਿਤਾ, ਲੇਖ, ਪੇਟਿੰਗ ਅਤੇ ਰੰਗੋਲੀ ਵਰਗੇ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਮੋਬਾਇਲ ਐਪਜ਼ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਵੋਟ ਬਣਾਉਣ ਅਤੇ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਐਪ ਦੀ ਵਰਤੋਂ ਕਰ ਸਕਣ।

ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।