Gursharan Randhawa assumes charge of PSSWB

January 3, 2019 - PatialaPolitics

ਚੰਡੀਗੜ•, 3 ਜਨਵਰੀ- ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਥੇ ਸੈਕਟਰ 35 ਵਿਖੇ ਸਮਾਜ ਭਲਾਈ ਭਵਨ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀਮਤੀ ਰੰਧਾਵਾ ਦੇ ਅਹੁਦਾ ਸੰਭਾਲਣ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਨਵੇਂ ਚੇਅਰਪਰਸਨ ਮਿਹਨਤੀ ਅਤੇ ਤਜ਼ਰਬੇਕਾਰ ਹੈ ਜਿਨਾਂ ਨੇ ਜ਼ਿਲਾ ਪ੍ਰੀਸ਼ਦ ਪਟਿਆਲਾ ਦੇ ਚੇਅਰਪਰਸਨ ਵਜੋਂ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਮਿਹਨਤੀ ਵਰਕਰ ਨੂੰ ਇਹ ਅਹੁਦਾ ਦੇ ਕੇ ਜਿੱਥੇ ਵਰਕਰਾਂ ਦਾ ਮਾਣ ਵਧਾਇਆ ਹੈ ਉਥੇ ਸਮਾਜ ਦੇ ਸਭ ਤੋਂ ਅਹਿਮ ਵਰਗ ਬੱਚਿਆਂ ਤੇ ਔਰਤਾਂ ਦੀ ਭਲਾਈ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਉਨਾਂ ਸ੍ਰੀਮਤੀ ਰੰਧਾਵਾ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਸ੍ਰੀਮਤੀ ਅਰੁਨਾ ਚੌਧਰੀ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਹਨ। ਸਭ ਤੋਂ ਵੱਡੀ ਗੱਲ ਪੰਚਾਇਤਾਂ ਅਤੇ ਮਿਉਂਸਪੈਲਟੀਆਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਇਸ ਵਰਗ ਦੀ ਸਭ ਤੋਂ ਵੱਡੀ ਮੰਗ ਪੂਰੀ ਕੀਤੀ ਹੈ। ਉਨਾਂ ਆਸ ਪ੍ਰਗਟਾਈ ਕਿ ਸ੍ਰੀਮਤੀ ਰੰਧਾਵਾ ਆਪਣੇ ਕਾਰਜਕਾਲ ਦੌਰਾਨ ਸਮਾਜ ਭਲਾਈ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣਗੇ।
ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਮੁੱਖ ਮੰਤਰੀ, ਸ੍ਰੀਮਤੀ ਪਰਨੀਤ ਕੌਰ ਤੇ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨਾਂ ਨੂੰ ਦਿੱਤੀ ਗਈ ਹੈ, ਉਹ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਹੇਠਲੇ ਪੱਧਰ ‘ਤੇ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ ਤਾਂ ਜੋ ਲਾਭਪਾਤਰੀ ਇਨਾਂ ਸਕੀਮਾਂ ਦਾ ਲਾਭ ਉਠਾ ਸਕਣ। ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਉਨਾਂ ਦੀ ਨਿਯੁਕਤੀ ਨਾਲ ਵਰਕਰਾਂ ਨੂੰ ਵੱਡਾ ਥਾਪੜਾ ਮਿਲਿਆ ਹੈ ਜਿਸ ਨਾਲ ਵਰਕਰਾਂ ਨੂੰ ਹੋਰ ਕੰਮ ਕਰਨ ਲਈ ਉਤਸ਼ਾਹ ਮਿਲੇਗਾ।
ਇਸ ਮੌਕੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਤੇ ਮਦਨ ਲਾਲ ਜਲਾਲਪੁਰ, ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਸਵਿੰਦਰ ਸਿੰਘ ਰੰਧਾਵਾ ਤੇ ਸ੍ਰੀ ਦਲਬੀਰ ਸਿੰਘ ਰੰਧਾਵਾ ਵੀ ਹਾਜ਼ਰ ਸਨ।