Poll schedule for Patiala Lok Sabha Elections 2024

May 7, 2024 - PatialaPolitics

Poll schedule for Patiala Lok Sabha Elections 2024

ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. (ਸਿਟੀ) ਸਰਫ਼ਰਾਜ ਆਲਮ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ 1 ਜੂਨ 2024 ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ ‘ਚ ਗਠਿਤ ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਸੜਕਾਂ ‘ਤੇ ਬੈਰੀਕੇਡਿੰਗ ਲਗਾਕੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 7 ਮਈ ਤੋਂ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਤੋਂ ਇਲਾਵਾ 11 ਮਈ ਨੂੰ ਦੂਜਾ ਸ਼ਨੀਵਾਰ ਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗਜਨ ਅਤੇ ਚੋਣਾਂ ਲਈ ਕਿਸੇ ਵੀ ਤਰ੍ਹਾਂ ਦੀ ਡਿਊਟੀ ‘ਤੇ ਤਾਇਨਾਤ ਚੋਣ ਅਮਲੇ ਦੀਆ ਵੋਟਾਂ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਫਾਰਮ 12 ਮਈ ਤੋਂ ਪਹਿਲਾਂ-ਪਹਿਲਾਂ ਭਰਵਾਉਣ ਦੇ ਪੂਰੇ ਪ੍ਰਬੰਧ ਵੀ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਬਲਕਿ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਵੀਪ ਟੀਮ ਵਲੋਂ ਵੋਟ ਪਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ 70 ਫੀਸਦੀ ਤੋ ਵੱਧ ਵੋਟਾਂ ਪੁਆਉਣ ਦੇ ਟੀਚੇ ਨੂੰ ਸਰ ਕੀਤਾ ਜਾ ਸਕੇ।

ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ ‘ਤੇ ਸਿਕੰਜ਼ਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਪਟਿਆਲਾ ਜ਼ਿਲ੍ਹੇ ਦੀ ਹੱਦ ‘ਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ 24 ਘੰਟੇ ਨਿਰੰਤਰ 14 ਇੰਟਰਸਟੇਟ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ ‘ਮਨੀ ਤੇ ਮਸਲ ਪਾਵਰ’ ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਚੋਣ ਜਾਬਤਾ ਲੱਗਣ ਤੋਂ ਬਾਅਦ 20 ਲੱਖ ਰੁਪਏ ਦੀ ਨਜਾਇਜ਼ ਨਗ਼ਦੀ ਅਤੇ 19 ਕਿਲੋ ਚਾਂਦੀ ਬਰਾਮਦ ਕਰਨ ਤੋਂ ਇਲਾਵਾ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ 93 ਮੁਕਦਮੇ ਦਰਜ ਕਰਕੇ 10 ਕਿਲੋ ਅਫੀਮ, 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 116 ਆਬਕਾਰੀ ਐਕਟ ਦੇ ਮੁਕੱਦਮੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।