Patiala Ward no. 58 & 59 to get sewage

February 2, 2019 - PatialaPolitics

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ ਦੇ ਵਾਰਡ ਨੰਬਰ 58 ਤੇ 59 ਵਿੱਚ ਦੋ ਕਰੋੜ ਰੁਪਏ ਨਾਲ ਸੀਵਰੇਜ ਦੇ ਕੰਮਾਂ ਦੀ ਟੱਕ ਲਗਾ ਕੇ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਸ੍ਰੀ ਨਰੇਸ਼ ਦੁੱਗਲ ਵੀ ਮੌਜੂਦ ਸਨ।

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵਿਕਾਸ ਲਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ ਪਰ ਪਟਿਆਲਾ ਸ਼ਹਿਰ ਜੋ ਕਿ ਪਿੱਛਲੇ 10 ਸਾਲਾਂ ਦੌਰਾਨ ਸਿਆਸੀ ਵਿਤਕਰੇ ਕਾਰਨ ਵਿਕਾਸ ਪੱਖੋਂ ਪੱਛੜ ਗਿਆ ਸੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਚਹੁੰਪੱਖੀ ਵਿਕਾਸ ਲਈ ਬਹੁਤ ਸਾਰੇ ਵਿਕਾਸ ਪ੍ਰਾਜੈਕਟ ਅਰੰਭੇ ਹਨ ਅਤੇ ਪ੍ਰਤਾਪ ਨਗਰ ਦੇ ਵਾਰਡ ਨੰਬਰ 58 ਤੇ 59 ਵਿੱਚ ਸੀਵਰੇਜ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਜਿਸ ਨੂੰ ਕਿ ਹੁਣ ਹੱਲ ਕਰ ਦਿੱਤਾ ਗਿਆ ਹੈ।
ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਦੇ ਕੰਮਾਂ ਦਾ ਸਿਹਰਾ ਆਮ ਲੋਕਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਅਤੇ ਹੁਣ ਉਹ ਲੋਕਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪੱਛੜੇ ਹੋਏ ਇਲਾਕਿਆ ਨੂੰ ਪਹਿਲ ਦੇ ਆਧਾਰ ‘ਤੇ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਲਾਕਿਆਂ ਨੂੰ ਵੱਧ ਤੋਂ ਵੱਧ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ‘ਤੇ ਸੂਬੇ ਵਿੱਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਆਰੰਭੇ ਗਏ ਹਨ ਅਤੇ ਗੁਰੂ ਸਾਹਿਬ ਦੇ ਬਖਸ਼ਿਸ ਨਾਲ ਇਹ ਕੰਮ ਨਿਰਵਿੰਘਨ ਚੱਲਦੇ ਰਹਿਣਗੇ।
ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਪਿੱਛਲੀ ਕਾਂਗਰਸ ਸਰਕਾਰ ਵੇਲੇ 126 ਕਰੋੜ ਨਾਲ ਪਿਆ ਸੀਵਰੇਜ ਅਕਾਲੀ ਸਰਕਾਰ ਵੱਲੋਂ 10 ਸਾਲ ਤੱਕ ਸਾਫ਼ ਹੀ ਨਹੀਂ ਕਰਵਾਇਆ ਗਿਆ ਜਿਸ ਕਾਰਨ ਸ਼ਹਿਰ ਵਿੱਚ ਸੀਵਰੇਜ ਦੇ ਬੰਦ ਹੋਣ ਦੀ ਸਮੱਸਿਆ ਪੈਦਾ ਹੋਈ ਪਰ ਕੈਪਟਨ ਅਮਰਿੰਦਰ ਸਿੰਘ ਨੇ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਪਟਿਆਲਾ ਸ਼ਹਿਰ ਦੇ ਸੀਵਰੇਜ ਦੀ ਸਫਾਈ ਕਰਵਾਕੇ ਸ਼ਹਿਰੀ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਸ੍ਰੀ ਨਰੇਸ਼ ਦੁੱਗਲ ਨੇ ਆਪਣੇ ਵਾਰਡ ਵਿੱਚ ਪਹੁੰਚਣ ‘ਤੇ ਸ੍ਰੀਮਤੀ ਪਰਨੀਤ ਕੌਰ ਜੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਨਤੀ ਸੰਗਰ, ਸ੍ਰੀ ਬਿੱਲੂ ਬੇਦੀ ਅਤੇ ਹੋਰ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਮਿਊਸੀਪਲ ਕੌਸ਼ਲਰ ਤੇ ਸਥਾਨਕ ਵਾਸੀ ਮੌਜੂਦ ਸਨ।