CM support centre established at Patiala

July 8, 2024 - PatialaPolitics

CM support centre established at Patiala

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸੁਆਗਤ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਿਤ

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਮਰਪਿਤ ਕੀਤਾ ਪਟਿਆਲਾ ਦਾ ਸੁਆਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ

-ਕਿਹਾ, ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

-ਮੁੱਖ ਮੰਤਰੀ ਭਗਵੰਤ ਸਿੰਘ ਦਾ ਦਿਲ ਪੰਜਾਬ ਦੇ ਲਈ ਹੀ ਧੜਕਦਾ ਹੈ-ਡਾ. ਬਲਬੀਰ ਸਿੰਘ

– ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਬਾਰੇ ਜਾਣ ਸਕਣਗੇ – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ

ਪਟਿਆਲਾ, 8 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਥਾਪਤ ਕੀਤਾ ਗਿਆ ‘ਸੁਆਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ’ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬੀਆਂ ਲਈ ਧੜਕਦਾ ਹੈ, ਜਿਸ ਲਈ ਪੰਜਾਬ ਸਰਕਾਰ ਨੇ ਅਜਿਹਾ ਉਪਰਾਲਾ ਕੀਤਾ ਹੈ ਕਿ ਲੋਕਾਂ ਦੀਆਂ ਦਿੱਕਤਾਂ ਨੂੰ ਜ਼ਿਲ੍ਹਾ ਪੱਧਰ ਉਤੇ ਹੀ ਦੂਰ ਕੀਤਾ ਜਾਵੇ।ਉਨ੍ਹਾਂ ਦੱਸਿਆ ‌ਕਿ ਪਹਿਲਾਂ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ‘ਜਨ ਸੁਵਿਧਾ’ ਕੈਂਪ ਲਗਾਉਣੇ ਸ਼ੁਰੂ ਕੀਤੇ ਸਨ, ਜਿਨ੍ਹਾਂ ਨੂੰ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਤੱਕ ਲੈਕੇ ਜਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਸਾਰੀਆਂ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੇ ਢੰਗ ਨਾਲ ਪ੍ਰਾਪਤ ਹੋ ਸਕਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਸਮੇਂ ਸਿਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਮੁੱਖ ਮੰਤਰੀ ਸਹਾਇਤਾ ਕੇਂਦਰ ਨਾਲ ਆਮ ਲੋਕ ਵੀ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਜਾਂਚ ਕਰਨ ਦੇ ਯੋਗ ਹੋਣਗੇ ਤਾਂ ਜੋ ਲੋਕਾਂ ਨੂੰ ਆਪਣੀ ਅਰਜ਼ੀ ਦਾ ਸਟੇਟਸ ਚੈਕ ਕਰਨ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੁੱਚੇ ਵਿਧਾਇਕ ਅਤੇ ਉਹ ਖ਼ੁਦ ਵੀ ਇਸ ਉਪਰ ਨਿਗਰਾਨੀ ਰੱਖਣਗੇ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਇਸ ਸਮੁੱਚੀ ਪ੍ਰਣਾਲੀ ਦੀ ਆਪ ਨਿਗਰਾਨੀ ਕਰ ਹੀ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰਾ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸੁਆਗਤ ਅਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਸੀ.ਸੀ.ਟੀ.ਵੀ. ਰਾਹੀਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਸਥਾਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਆਮ ਲੋਕ ਵਿਸ਼ੇਸ਼ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ ‘ਤੇ ਆਪਣੀਆਂ ਸ਼ਿਕਾਇਤਾਂ ਦੇ ਸਕਣਗੇ।

ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਆਮ ਲੋਕਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਸਮੇਂ ਸਾਰੇ ਏ.ਡੀ.ਸੀਜ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਕਰਨਲ ਜੇ.ਵੀ. ਸਿੰਘ, ਡੀ.ਡੀ.ਐਫ਼. ਨਿਧੀ ਮਲਹੋਤਰਾ ਤੇ ਹੋਰ ਵੀ ਮੌਜੂਦ ਸਨ।