ਪਟਿਆਲਾ:ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ‘ਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੇ ਪ੍ਰਸ਼ੰਸਾ ਪੱਤਰ
July 29, 2024 - PatialaPolitics
ਪਟਿਆਲਾ:ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ‘ਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੇ ਪ੍ਰਸ਼ੰਸਾ ਪੱਤਰ
-ਕਿਹਾ, ਚੋਣਾਂ ਤੋਂ ਬਾਅਦ ਵੀ ਮੁਲਾਜਮ ਉਸੇ ਪ੍ਰਤੀਬੱਧਤਾ ਨਾਲ ਕੰਮ ਕਰਕੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ
-ਚੋਣਾਂ ‘ਚ ਪਾਰਦਰਸ਼ੀ ਢੰਗ ਨਾਲ ਨਿਰਪੱਖ ਡਿਊਟੀ ਨਿਭਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਵਧਾਈ
ਪਟਿਆਲਾ, 29 ਜੁਲਾਈ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਲੋਕ ਸਭਾ ਚੋਣਾਂ-2024 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਚੋਣਾਂ ਵਿੱਚ ਪਾਰਦਰਸ਼ੀ ਢੰਗ ਨਾਲ ਨਿਰਪੱਖ ਡਿਊਟੀ ਨਿਭਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਵੀ ਦਿੱਤੀ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਰਕਾਰੀ ਮੁਲਾਜਮ ਨੂੰ ਆਪਣੀ ਸੇਵਾ ਦੌਰਾਨ ਬਹੁਤ ਉਤਰਾਅ ਚੜ੍ਹਾਅ ਆਉਂਦੇ ਹਨ ਪਰੰਤੂ ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ, ਜਦੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਹੋਣ, ਇਸ ਲਈ ਸਾਰੇ ਮੁਲਾਜਮ ਵਧਾਈ ਦੇ ਪਾਤਰ ਹਨ, ਕਿ ਉਨ੍ਹਾਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਹੁਤ ਵਧੀਆ ਢੰਗ ਨਾਲ ਚੋਣਾਂ ਦਾ ਅਹਿਮ ਕਾਰਜ ਨੇਪਰੇ ਚੜ੍ਹਾਇਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਚੋਣਾਂ ਦੇ ਬਾਅਦ ਵੀ ਸਾਰੇ ਅਧਿਕਾਰੀ ਤੇ ਕਰਮਚਾਰੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਆਪਣੀ ਡਿਊਟੀ ਪੂਰੀ ਪ੍ਰਤੀਬੱਧਤਾ ਨਾਲ ਇਸੇ ਤਰ੍ਹਾਂ ਨਿਭਾਉਣਗੇ ਤਾਂ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰ ਸਕਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਲੋਕਾਂ ਤੱਕ ਹੇਠਲੇ ਪੱਧਰ ‘ਤੇ ਪੁੱਜਦਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਚੋਣਾਂ ਬਹੁਤ ਹੀ ਚੁਣੌਤੀ ਪੂਰਨ ਸਨ ਪਰੰਤੂ ਫਿਰ ਵੀ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਰਪੱਖ ਰਹਿਕੇ ਨਿਭਾਈ ਅਤੇ ਚੋਣਾਂ ਸਫ਼ਲਤਾ ਪੂਰਵਕ ਕਰਵਾਈਆਂ ਜਾ ਸਕੀਆਂ।
ਇਸ ਮੌਕੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਕੰਨੂ ਗਰਗ, ਐਸ.ਡੀ.ਐਮਜ ਅਰਵਿੰਦ ਕੁਮਾਰ, ਰਵਿੰਦਰ ਸਿੰਘ, ਹਿਮਾਂਸ਼ੂ ਗੁਪਤਾ, ਤਰਸੇਮ ਚੰਦ, ਰਿਚਾ ਗੋਇਲ, ਮਨਜੀਤ ਕੌਰ, ਆਰ.ਟੀ.ਓ. ਦੀਪਜੋਤ ਕੌਰ, ਡੀ.ਸੀ.ਐਫ.ਏ. ਰਾਕੇਸ਼ ਕੁਮਾਰ, ਡੀ.ਪੀ.ਆਰ.ਓ. ਹਾਕਮ ਥਾਪਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਰਵਿੰਦਰ ਕੌਰ, ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ, ਏ.ਪੀ.ਆਰ.ਓਜ ਜਸਤਰਨ ਸਿੰਘ ਤੇ ਹਰਦੀਪ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਪ੍ਰੋ. ਸ਼ਵਿੰਦਰ ਰੇਖੀ ਸਮੇਤ ਹੋਰ ਬਹੁਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ।