DC and SSP Patiala meet students from j&k

August 6, 2019 - PatialaPolitics


ਪਟਿਆਲਾ (ਰਾਜਪੁਰਾ) 5 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੰਮੂ-ਕਸ਼ਮੀਰ ਵਿਚ ਪੈਦਾ ਹੋਏ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ‘ਚ ਵਿਦਿਆ ਹਾਸਲ ਕਰਦੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨਾਲ ਤੁਰੰਤ ਰਾਬਤਾ ਕਰਨ ਦੇ ਦਿੱਤੇ ਆਦੇਸ਼ਾਂ ਕਾਰਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਜਪੁਰਾ ਵਿਖੇ ਜ਼ਿਲ੍ਹੇ ‘ਚ ਪੜਦੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਐਮਰਜੈਂਸੀ ਨੰਬਰ ਵੀ ਮੁਹੱਈਆ ਕਰਵਾਏ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸੋਸ਼ਲ ਮੀਡੀਆ ‘ਤੇ ਹੁੰਦੇ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਨਾਲ ਵੀ ਬੇਲੋੜੀ ਬਹਿਸ ਤੋਂ ਗੁਰੇਜ਼ ਕੀਤਾ ਜਾਵੇ। ਸ. ਸਿੱਧੂ ਨੇ ਵਿਦਿਆਰਥੀਆਂ ਨੂੰ ਪੁਲਿਸ ਦਾ ਟੋਲ ਫਰੀ ਨੰਬਰ ਦਿੰਦਿਆ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਪੁਲਿਸ ਦੇ ਟੋਲ ਫਰੀ ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਵੇ ਇਸ ‘ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਹੈ ਅਤੇ ਸੋਸ਼ਲ ਮੀਡੀਆ ‘ਤੇ ਹੁੰਦੇ ਗਲਤ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਵਿਦਿਆਰਥੀਆਂ ਨਾਲ ਮੁਲਾਕਾਤ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜੰਮੂ ਕਸ਼ਮੀਰ ‘ਚ ਹਾਲੇ ਟੈਲੀਫੋਨ ਤੇ ਇੰਟਰਨੈਟ ਸੇਵਾਵਾਂ ਬੰਦ ਹੋਣ ਕਾਰਨ ਸੰਪਰਕ ਕਰਨਾ ਸੰਭਵ ਨਹੀਂ ਹੈ ਪਰ ਫੋਨ ਸੇਵਾਵਾਂ ਦੇ ਸ਼ੁਰੂ ਹੁੰਦਿਆ ਹੀ ਸਾਰੇ ਵਿਦਿਆਰਥੀਆਂ ਦਾ ਸੰਪਰਕ ਆਪਣੇ ਪਰਿਵਾਰਾਂ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਹਾਲਾਤ ਠੀਕ ਹਨ ਅਤੇ ਕਿਸੇ ਕਿਸਮ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ।
ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਸ੍ਰੀ ਰਜਨੀਸ਼ ਅਰੋੜਾ, ਡੀ.ਐਸ.ਪੀ. ਰਾਜਪੁਰਾ ਸ੍ਰੀ ਆਕਾਸ਼ਦੀਪ ਸਿੰਘ, ਤਹਿਸੀਲਦਾਰ ਰਾਜਪੁਰਾ ਸ੍ਰੀ ਹਰਸਿਮਰਨਜੀਤ ਸਿੰਘ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ।