Dry day in Patiala on 19 to 21 December 2024
December 19, 2024 - PatialaPolitics
Dry day in Patiala on 19 to 21 December 2024
ਪਟਿਆਲਾ:19 ਦਸੰਬਰ ਤੋਂ 21 ਦਸੰਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ
-ਚੋਣਾਂ ਵਾਲੇ ਖੇਤਰਾਂ ‘ਚ ਲਾਗੂ ਰਹੇਗੀ ਪਾਬੰਦੀ
ਪਟਿਆਲਾ, 19 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ-2024 ਦੌਰਾਨ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 19 ਦਸੰਬਰ 2024 ਤੋਂ 21 ਦਸੰਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ। ਇਹ ਹੁਕਮ ਚੋਣਾਂ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ‘ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਚੋਣਾਂ-2024 ਜੋ ਕਿ 21 ਦਸੰਬਰ 2024 ਨੂੰ ਹੋਣੀਆ ਹਨ ਅਤੇ ਵੋਟਾਂ ਦੀ ਗਿਣਤੀ ਵੀ 21 ਦਸੰਬਰ ਨੂੰ ਹੋਣੀ ਹੈ। ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ‘ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।