Complete ban on sale, storage and use of China doors in Patiala district
January 11, 2025 - PatialaPolitics
Complete ban on sale, storage and use of China doors in Patiala district
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਚਾਈਨਾ ਡੋਰ ਦੀ ਖਰੀਦ ਅਤੇ ਵਰਤੋਂ ‘ਤੇ ਅਤੇ ਦੁਕਾਨਾਂ/ਸਟੋਰਾਂ/ਘਰਾਂ ਆਦਿ ਵਿੱਚ ਚਾਈਨਾ ਡੋਰ ਸਟੋਕ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਜੁਲਾਈ 2025 ਤੱਕ ਜਾਰੀ ਰਹਿਣਗੇ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫ਼ੀ ਮਜਬੂਤ ਹੁੰਦੀ ਹੈ। ਜਿਸ ਤੇ ਪਤੰਗ ਉਡਾਉਣ ਵਾਲਿਆ ਦੇ ਹੱਥ ਅਤੇ ਉਗਲਾਂ ਕੱਟਣ, ਸਾਈਕਲ ਅਤੇ ਸਕੂਟਰ/ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।