Patiala: PDA demolishes unauthorized colony
March 12, 2025 - PatialaPolitics
Patiala: PDA demolishes unauthorized colony
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪੀ.ਡੀ.ਏ ਨੇ ਅਲੀਪੁਰ ਅਰਾਈਆਂ ਵਿਖੇ ਅਣ-ਅਧਿਕਾਰਤ ਕਲੋਨੀ ਢਾਹੀ
-ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਕਿਸੇ ਵੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਹੋਵੇਗੀ ਕਾਰਵਾਈ-ਮਨੀਸ਼ਾ ਰਾਣਾ
ਪਟਿਆਲਾ, 11 ਮਾਰਚ:
ਪਟਿਆਲਾ ਡਿਵਲੈਪਮੈਂਟ ਅਥਾਰਿਟੀ, ਪਟਿਆਲਾ ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਡੀ.ਏ. ਦੀ ਟੀਮ ਨੇ ਪਿੰਡ ਅਲੀਪੁਰ ਅਰਾਈਆਂ, ਸਾਹਮਣੇ ਰੰਧਾਵਾ ਹਸਪਤਾਲ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਹੈ।
ਅੱਜ ਸਵੇਰੇ 6 ਤੋਂ 8 ਵਜੇ ਦਰਮਿਆਨ ਕੀਤੀ ਗਈ ਇਸ ਕਾਰਵਾਈ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਇਸ ਕਲੋਨੀ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।