Patiala: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ
September 26, 2025 - PatialaPolitics
Patiala: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ
-ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ
ਪਟਿਆਲਾ, 26 ਸਤੰਬਰ:
ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਵੱਲੋਂ ਪੰਜਾਬ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਅੱਜ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ । ਉਹਨਾਂ ਅਹੁਦਾ ਸੰਭਾਲਣ ਉਪਰੰਤ ਸਾਉਣੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਕੱਤਰ ਮਾਰਕੀਟ ਕਮੇਟੀਆਂ ਦੀ ਮੀਟਿੰਗ ਬੁਲਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਇਸ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪੂਰੇ ਪ੍ਰਬੰਧ ਯਕੀਨੀ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਆਰਾਮ ਲਈ ਪ੍ਰਬੰਧ ਕੀਤੇ ਗਏ ਹਨ ।
ਡੀ ਐਮ ਓ, ਪਟਿਆਲਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕੋਈ ਵੀ ਸਮੱਸਿਆ ਉੱਠਦੇ ਹੀ ਤੁਰੰਤ ਹੱਲ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ ਅਤੇ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਰੁਕਾਵਟ ਦੇ ਵੇਚ ਸਕਣਗੇ।