Patiala: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

December 18, 2025 - PatialaPolitics

Patiala: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

ਡਾ. ਬਲਬੀਰ ਸਿੰਘ ਨੇ ਲੋਕਾਂ ਦਾ ਦਿਲੋਂ ਕੀਤਾ ਧੰਨਵਾਦ

 

ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ “ਰੰਗਲਾ ਪੰਜਾਬ” ਸੁਪਨੇ ’ਤੇ ਲਗਾਈ ਮੋਹਰ: ਡਾ. ਬਲਬੀਰ ਸਿੰਘ

 

ਕਿਹਾ, ਹੁਣ ਪਹਿਲਾਂ ਨਾਲੋਂ ਦਸ ਗੁਣਾ ਤੇਜ਼ੀ ਨਾਲ ਹੋਣਗੇ ਵਿਕਾਸ ਕਾਰਜ

 

ਪਟਿਆਲਾ , 18 ਦਸੰਬਰ:

 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਸ ਜਿੱਤ ਰਾਹੀਂ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਬਣਾਉਣ ਦੇ ਸੁਪਨੇ ’ਤੇ ਪੂਰਾ ਭਰੋਸਾ ਜਤਾਇਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨਤਾ ਦਾ ਇਹ ਫੈਸਲਾ ਸਾਫ਼ ਤੌਰ ’ਤੇ ਦਰਸਾਉਂਦਾ ਹੈ ਕਿ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ-ਹਿੱਤ ਦੀ ਰਾਜਨੀਤੀ ਦੇ ਨਾਲ ਖੜੇ ਹਨ।

 

ਚੋਣਾਂ ਵਿੱਚ ਮਿਲੀ ਜਿੱਤ ਦੀ ਖੁਸ਼ੀ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਜ਼ਿੰਮੇਵਾਰੀ ਹੋਰ ਵਧ ਗਈ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਹੋਰ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਹੌਂਸਲਾ ਅਫਜ਼ਾਈ ਕੀਤੀ।

 

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਤਿੰਨੋ ਪਾਰਟੀਆਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਬੀ ਜੇ ਪੀ ਨੇ ਇਕੱਠਿਆਂ ਹੋ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਉਹ ਆਮ ਆਦਮੀ ਪਾਰਟੀ ਨੂੰ ਜਿੱਤਣ ਤੋਂ ਨਹੀਂ ਰੋਕ ਸਕੀਆਂ। ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ ਅਤੇ ਨਵੀਂ ਸੋਚ ਨਾਲ ਅੱਗੇ ਵਧਣਾ ਚਾਹੁੰਦੇ ਹਨ।

 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਪਹਿਲਾਂ ਨਾਲੋਂ ਦਸ ਗੁਣਾ ਵਧੇਰੇ ਜੋਸ਼ ਨਾਲ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਔਰਤਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ 10 ਲੱਖ ਦੀ ਬੀਮਾ ਸਿਹਤ ਸਹੂਲਤ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ, ਛਪੜਾਂ ਦੀ ਸਫ਼ਾਈ ਦੇ ਕੰਮ, ਹਸਪਤਾਲ ਦੀ ਸਫ਼ਾਈ , ਮੁਫ਼ਤ ਦਵਾਈਆਂ, ਬਿਜਲੀ ਦੇ ਜ਼ੀਰੋ ਬਿਲ , ਸੜਕਾਂ ਦੀ ਮੁਰੰਮਤ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।

 

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ ’ਤੇ ਖਰੀ ਉਤਰਦੇ ਹੋਏ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ।

 

ਡਾ. ਬਲਬੀਰ ਸਿੰਘ ਨੇ ਅੰਤ ਵਿੱਚ ਦੁਹਰਾਇਆ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਹੈ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਬਲਾਕ ਸੰਮਤੀ ਤੇ ਜਿਲ੍ਹਾ ਪਰਿਸ਼ਦ ਦੇ ਨਵੇਂ ਚੁਣੇ ਗਏ ਮੈਂਬਰ, ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ, ਜੈ ਸ਼ੰਕਰ ਅਤੇ ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ , ਸਰਪੰਚ ਮੌਜੂਦ ਸਨ।