J form holder farmers to get benefit under ‘Sarbat Sehat Bima Yojna’

July 19, 2020 - PatialaPolitics


ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ। ਇਸ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਅਜਿਹੇ ਕਿਸਾਨ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜਤੀਏ ਕੋਲ ਜਮਾਂ ਕਰਵਾਉਣ। ਉਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਸ ਕਰਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ ਦੇਣੀ ਪਵੇਗੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ‘ਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਸਾਲ 2020-21 ਦੌਰਾਨ ਜ਼ਿਲ੍ਹੇ ਸਮੇਤ ਸੂਬਾ ਭਰ ਦੇ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ ਜਦਕਿ ਇਸ ਸਕੀਮ ਦੇ ਪਹਿਲੇ ਸਾਲ 2019-20 ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ’ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਸਾਰੇ ਹੀ ਯੋਗ ਮੰਨੇ ਜਾਣਗੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਦੀ ਹਰੀ ਝੰਡੀ ਦੇਣ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਨੂੰ ਵੀ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ‘ਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਆਖਿਆ ਗਿਆ ਹੈ ਤੇ ਕਿਸਾਨਾਂ ਨੇ ਆਪਣੀਆਂ ਅਰਜ਼ੀਆਂ ਪਹੁੰਚਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟwww.mandiboard.nic.inਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ‘ਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ 20 ਅਗਸਤ, 2019 ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਕੀਤੀ ਸੀ ਜਿਸ ਤਹਿਤ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਸੀ ਜੋ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ।