ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼
January 1, 2026 - PatialaPolitics
ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ
ਪਟਿਆਲਾ, 1 ਜਨਵਰੀ:
ਨਵੇਂ ਵਰ੍ਹੇ 2026 ਦੇ ਸ਼ੁਭ ਆਗਮਨ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰੀ।
ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਪ੍ਰਿੰਸਪਾਲ ਸਿੰਘ ਦੇ ਰਾਗੀ ਜੱਥੇ ਵੱਲੋਂ ਰਸਭਿੰਨਾ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ, ਜਿਸ ਨਾਲ ਸਮੂਹ ਵਾਤਾਵਰਨ ਆਤਮਿਕ ਰਸ ਨਾਲ ਭਰਪੂਰ ਹੋ ਗਿਆ। ਗੁਰਬਾਣੀ ਕੀਰਤਨ ਦੌਰਾਨ ਸੰਗਤ ਨੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਕੇ ਨਵੇਂ ਵਰ੍ਹੇ ਨੂੰ ਸੁਖ-ਸ਼ਾਂਤੀ, ਤਰੱਕੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਭਰਪੂਰ ਬਣਾਉਣ ਦੀ ਕਾਮਨਾ ਕੀਤੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ‘ਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਿਛਲੇ ਵਰ੍ਹੇ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਪੂਰੇ ਸਮਰਪਣ ਭਾਵ ਨਾਲ ਨਿਭਾਈ ਹੈ, ਜੋ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਵਿੱਚ ਵੀ ਸਾਰੇ ਕਰਮਚਾਰੀ ਲੋਕ ਸੇਵਾ ਨੂੰ ਆਪਣੀ ਪਹਿਲੀ ਜ਼ਿੰਮੇਵਾਰੀ ਸਮਝਦੇ ਹੋਏ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਕਲਿਆਣਕ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਹਰ ਵਿਭਾਗ ਦਾ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਨਿਭਾਏਗਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਨਵਾਂ ਵਰ੍ਹਾ ਸਾਰੇ ਕਰਮਚਾਰੀਆਂ ਲਈ ਸਿਹਤ, ਸਫਲਤਾ ਅਤੇ ਨਵੀਂ ਉਰਜਾ ਲੈ ਕੇ ਆਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਦਾ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਡਾ ਇਸਮਤ ਵਿਜੈ ਸਿੰਘ, ਐਸ ਡੀ ਐਮਜ਼ ਕਨੂੰ ਗਰਗ , ਨਮਨ ਮਾਰਕੰਨ, ਹਰਜੋਤ ਕੌਰ, ਅਸ਼ੋਕ ਕੁਮਾਰ, ਰਿਚਾ ਗੋਇਲ , ਸੀ ਐਮ ਐਫ ਓ ਸਤੀਸ਼ ਚੰਦਰ ਤੋਂ ਇਲਾਵਾ ਡੀ ਸੀ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
