Patiala: ਨਵੇਂ ਸਾਲ ’ਚ ਸਰਕਾਰੀ ਕੰਮਾਂ ਲਈ ਨੋਡਲ ਅਧਿਕਾਰੀ ਨਿਯੁਕਤ: ਸਿਹਤ ਮੰਤਰੀ
January 5, 2026 - PatialaPolitics
Patiala: ਨਵੇਂ ਸਾਲ ’ਚ ਸਰਕਾਰੀ ਕੰਮਾਂ ਲਈ ਨੋਡਲ ਅਧਿਕਾਰੀ ਨਿਯੁਕਤ: ਸਿਹਤ ਮੰਤਰੀ

*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਫੇਜ਼ ਸ਼ੁਰੂ – ਡਾ ਬਲਬੀਰ ਸਿੰਘ*
*ਕਿਹਾ, ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜ਼ਗਾਰ, ਵੇਚਣ ਵਾਲਿਆਂ ’ਤੇ ਸਖ਼ਤ ਕਾਰਵਾਈ*
ਪਟਿਆਲਾ 5 ਜਨਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਚ ਚਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਸਰਕਾਰੀ ਕੰਮਾਂ ਨੂੰ ਨਿਸ਼ਚਿਤ ਸਮੇਂ ਅੰਦਰ ਪੂਰਾ ਕਰਨ ਲਈ ਹਰ ਵਿਭਾਗ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ।ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਦੂਜਾ ਫੇਜ਼ ਸ਼ੁਰੂ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ, ਸਫ਼ਾਈ ਵਿਵਸਥਾ, ਟ੍ਰੈਫਿਕ ਪਾਰਕ ਅਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਤੋਂ ਟਾਈਮ ਲਾਈਨ ਲੈ ਕੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਗਰਾਨੀ ਕਰਨਗੇ। ਇਸ ਕਮ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੂੰ ਟ੍ਰੈਫਿਕ ਮੈਨੇਜਮੈਂਟ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਕਿ ਟ੍ਰੈਫਿਕ ਦੀ ਸੁਚੱਜੀ ਵਿਵਸਥਾ ਨੂੰ ਯਕੀਨੀ ਬਣਾਉਣਗੇ।
ਉਨ੍ਹਾਂ ਨਵੇਂ ਬੱਸ ਸਟੈਂਡ ’ਤੇ ਰੇਹੜੀਆਂ ਅਤੇ ਈ-ਰਿਕਸ਼ਾਵਾਂ ਲਈ ਵੱਖਰੇ ਸਥਾਨ ਨਿਰਧਾਰਤ ਕਰਨ ਦੇ ਹੁਕਮ ਵੀ ਦਿੱਤੇ। ਓਹਨਾ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਵੱਡੀ ਨਦੀ ਅਤੇ ਛੋਟੀ ਨਦੀ ਦੀ ਸੁਚੱਜੀ ਪਲਾਨਿੰਗ ਕੀਤੀ ਜਾਵੇਗੀ ਅਤੇ ਸ਼ਹਿਰ ਵਿੱਚ ਨਵੇਂ ਪਾਰਕ ਬਣਾਏ ਜਾਣਗੇ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੋਹਣਾ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਹੜ੍ਹਾਂ ਦੇ ਸਥਾਈ ਹੱਲ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ।
ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੈਸਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਸਮੇਤ ਸਾਫ਼-ਸੁਥਰਾ ਸ਼ਹਿਰ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ, ਸਮੂਹ ਏ ਡੀ ਸੀਜ਼, ਐਸ ਡੀ ਐਮ ਜ਼ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਮ ਸੀ ਮੌਜੂਦ ਸਨ।
