Patiala get new DC Varjeet Walia
January 21, 2026 - PatialaPolitics
Patiala get new DC Varjeet Walia
2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
-ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਫਲੈਗਸ਼ਿਪ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਮੁੱਖ ਤਰਜੀਹ-ਵਰਜੀਤ ਵਾਲੀਆ
-ਜ਼ਿਲ੍ਹੇ ‘ਚ ਨਸ਼ਾ ਮੁਕਤੀ, ਸਿਹਤ ਤੇ ਸਿੱਖਿਆ ਸੁਧਾਰਾਂ ਸਮੇਤ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣਾ ਵੀ ਤਰਜੀਹਾਂ ‘ਚ ਸ਼ਾਮਲ
ਪਟਿਆਲਾ, 22 ਜਨਵਰੀ:
2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ।
ਵਰਜੀਤ ਵਾਲੀਆ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ਉਨ੍ਹਾਂ ਦੀ ਇਹ ਮੁੱਖ ਤਰਜੀਹ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।
ਵਰਜੀਤ ਵਾਲੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਸਮੇਤ ਸਿਹਤ ਤੇ ਸਿੱਖਿਆ ਖੇਤਰਾਂ ‘ਚ ਹੋਰ ਸੁਧਾਰ ਕਰਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਘਰ-ਘਰ ਤੱਕ ਪੁੱਜਦਾ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ‘ਚ ਸ਼ਾਮਲ ਹੈ। ਜਦਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਵਾਉਣ ਲਈ ਵੀ ਉਹ ਉਚੇਚੇ ਯਤਨ ਕਰਨਗੇ।
ਜਿਕਰਯੋਗ ਹੈ ਕਿ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ, ਆਈ.ਆਈ.ਟੀ. ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ‘ਚ ਗ੍ਰੈਜੂਏਟ ਹਨ। ਇਸ ਤੋਂ ਪਹਿਲਾਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ, ਏ.ਡੀ.ਸੀ. ਸੰਗਰੂਰ ਤੇ ਐਸ.ਡੀ.ਐਮ. ਬਰਨਾਲਾ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਅੱਜ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸੁਪਤਨੀ ਤੇ ਆਈ.ਆਰ.ਐਸ. ਅਧਿਕਾਰੀ ਤਾਨੀਆ ਬੈਂਸ ਤੇ ਸਪੁੱਤਰ ਵਰਤਾਜ ਵਾਲੀਆ ਵੀ ਮੌਜੂਦ ਸਨ। ਡੀ.ਸੀ. ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਉਪਰੰਤ ਵਰਜੀਤ ਵਾਲੀਆ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਵਿਖੇ ਵੀ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਵਰਜੀਤ ਵਾਲੀਆ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲੇ ਜਾਣ ਮੌਕੇ ਐਸ.ਪੀ ਵੈਭਵ ਚੌਧਰੀ, ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ ਤੇ ਡਾ ਇਸਮਤ ਵਿਜੇ ਸਿੰਘ, ਐਸ.ਪੀ ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਵਰਾਲ ਸਮੇਤ ਡੀ.ਸੀ. ਦਫ਼ਤਰ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।

Order dt. 21-01-2026_compressed 
