Patiala DC Varjeet Walia reviews the new construction works of Mata Sri Kali Devi Temple

January 27, 2026 - PatialaPolitics

Patiala DC Varjeet Walia reviews the new construction works of Mata Sri Kali Devi Temple

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

 

-ਵਿਕਾਸ ਕੰਮਾਂ ਸਬੰਧੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਬੈਠਕ

 

-ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਲਗਾਤਾਰ ਕੀਤੀਆਂ ਜਾਣਗੀਆਂ ਬੈਠਕਾਂ-ਵਰਜੀਤ ਵਾਲੀਆ

 

ਪਟਿਆਲਾ, 27 ਜਨਵਰੀ :

 

ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨਾਲ ਆਪਣੀ ਪਲੇਠੀ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਵੀ ਮੌਜੂਦ ਸਨ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਖ਼ੁਦ ਮੰਦਰ ਦੇ ਨਵ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਉਥੇ ਹੀ ਉਹ ਖ਼ੁਦ ਵੀ ਸਾਰੇ ਵਿਭਾਗਾਂ ਨੂੰ ਨਾਲ ਲੈਕੇ ਜਲਦੀ ਹੀ ਮੰਦਰ ਦਾ ਦੌਰਾ ਕਰਕੇ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨਾਲ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣਗੇ।

 

ਕਮੇਟੀ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਮੰਦਰ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਸਾਲ ਦਾ ਸਮਾਂ ਮਿਥਿਆ ਗਿਆ ਹੈ ਤਾਂ ਕਿ ਇਸ ਇਤਹਾਸਕ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਾਨਦਾਰ ਮੰਦਿਰ ਦੇ ਦਰਸ਼ਨ ਹੋ ਸਕਣ।ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ।

 

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਨੂੰ ਨਵਾਂ ਰੂਪ ਦੇਣ ਲਈ ਇਨ੍ਹਾਂ ਪ੍ਰਾਜੈਕਟਾਂ ਵਿੱਚ ਮੰਦਰ ਦੇ ਸਰੋਵਰ ਸਾਫ਼ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਮੰਦਰ ਦੇ ਮੌਜੂਦਾ ਸੀਵਰੇਜ ਤੇ ਡਰੇਨੇਜ ਢਾਂਚੇ ਨੂੰ ਅਪਗ੍ਰੇਡ ਕਰਨ ਸਮੇਤ ਹੋਰ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸ਼ਰਾਧਾਲੂਆਂ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਸਹੂਲਤ ਲਈ ਮੰਦਰ ਕੰਪਲੈਕਸ ਦੇ ਅੰਦਰ ਸ਼ੁਰੂ ਹੋਇਆ ਆਮ ਆਦਮੀ ਕਲੀਨਿਕ ਬਿਹਤਰ ਢੰਗ ਨਾਲ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।