Patiala News: ‘ ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ

February 10, 2026 - PatialaPolitics

Patiala News: ‘ ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ

-ਇੱਕ ਛੱਤ ਹੇਠ ਬਜ਼ੁਰਗਾਂ ਲਈ ਸਿਹਤ, ਪੈਨਸ਼ਨ ਤੇ ਕਾਨੂੰਨੀ ਸਹਾਇਤਾ

 

ਪਟਿਆਲਾ 10 ਫਰਵਰੀ:

 

ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

 

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇਹ ਪਹਿਲ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸੀਨੀਅਰ ਸਿਟੀਜ਼ਨਾਂ ਨੂੰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ।

 

ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੰਤਵ ਵੱਡੀ ਉਮਰ ਦੇ ਨਾਗਰਿਕਾਂ ਲਈ ਆਸਾਨ, ਸੁਗਮ ਅਤੇ ਇੱਕ ਹੀ ਥਾਂ ‘ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ, ਜਿਸ ਵਿੱਚ ਈ.ਐਨ.ਟੀ. ਅਤੇ ਅੱਖਾਂ ਦੀ ਜਾਂਚ ਸ਼ਾਮਲ ਸੀ। ਇਸਦੇ ਨਾਲ ਹੀ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

 

ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦਸਿਆ ਕਿ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾਏ ਗਏ, ਜਿੱਥੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ, ਅਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਸੰਬੰਧਿਤ ਸੇਵਾਵਾਂ ਇੱਕ ਹੀ ਥਾਂ ਉਪਲਬਧ ਕਰਵਾਈਆਂ ਗਈਆਂ। ਇਸ ਮੌਕੇ ਸਿਹਤ ਮੰਤਰੀ ਵੱਲੋਂ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਪ੍ਰਦਾਨ ਕੀਤੀਆਂ ਗਈਆਂ।

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਕਾਨੂੰਨ, 2007’ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਜਿਸ ਰਾਹੀਂ ਬਜ਼ੁਰਗਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

 

ਸੀਨੀਅਰ ਸਿਟੀਜ਼ਨਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੀ ਉਮਰ ਦੇ ਨਾਗਰਿਕਾਂ ਲਈ ਸਿਹਤ, ਸੁਰੱਖਿਆ ਅਤੇ ਇੱਜ਼ਤਦਾਰ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਭਲਾਈ ਯੋਜਨਾਵਾਂ ਤੱਕ ਸੀਮਿਤ ਨਹੀਂ, ਸਗੋਂ ਬਜ਼ੁਰਗਾਂ ਨੂੰ ਸਮਾਜ ਵਿੱਚ ਯੋਗ ਸਨਮਾਨ ਅਤੇ ਸਹਾਰਾ ਦੇਣ ‘ਤੇ ਵੀ ਖ਼ਾਸ ਧਿਆਨ ਦੇ ਰਹੀ ਹੈ।

 

ਇਸ ਮੌਕੇ ਐੱਸ ਡੀ ਐੱਮ ਪਟਿਆਲਾ ਹਰਜੋਤ ਕੌਰ , ਸਿਵਿਲ ਸਰਜਨ ਡਾ.ਜਸਵਿੰਦਰ ਸਿੰਘ, ਡਾ ਪਰਨੀਤ ਕੌਰ, ਡੀ ਪੀ ਓ ਪਰਦੀਪ ਗਿੱਲ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।