Patiala News: ਮਾਤਾ ਕੌਸ਼ਲਿਆ ਹਸਪਤਾਲ ‘ ਚ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਵਿਸ਼ੇਸ਼ ਸਿਹਤ ਕੈਂਪ ਆਯੋਜਿਤ
February 13, 2026 - PatialaPolitics
Patiala News: ਮਾਤਾ ਕੌਸ਼ਲਿਆ ਹਸਪਤਾਲ ‘ ਚ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਵਿਸ਼ੇਸ਼ ਸਿਹਤ ਕੈਂਪ ਆਯੋਜਿਤ

ਪਟਿਆਲਾ , 13 ਫ਼ਰਵਰੀ :
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ੇਸ਼ ਸਿਹਤ ਅਤੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਘਰ ਦੇ ਨੇੜੇ ਹੀ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਤਜਰਬੇਕਾਰ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ ਗਈ। ਇਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ ਲੈਵਲ, ਅੱਖਾਂ ਦੀ ਜਾਂਚ, ਹੱਡੀਆਂ ਅਤੇ ਜੋੜਾਂ ਨਾਲ ਸੰਬੰਧਿਤ ਸਮੱਸਿਆਵਾਂ, ਦਿਲ ਦੀ ਬਿਮਾਰੀਆਂ ਅਤੇ ਹੋਰ ਆਮ ਰੋਗਾਂ ਦੀ ਸਕ੍ਰੀਨਿੰਗ ਸ਼ਾਮਲ ਸੀ। ਜਿਨ੍ਹਾਂ ਮਰੀਜ਼ਾਂ ਨੂੰ ਹੋਰ ਜਾਂਚ ਜਾਂ ਵਿਸ਼ੇਸ਼ ਇਲਾਜ ਦੀ ਲੋੜ ਪਈ, ਉਨ੍ਹਾਂ ਨੂੰ ਅਗਲੇ ਇਲਾਜ ਲਈ ਸਲਾਹ ਅਤੇ ਰੈਫਰਲ ਵੀ ਦਿੱਤਾ ਗਿਆ। ਇਸ ਤੋਂ ਇਲਾਵਾ, ਮੌਕੇ ’ਤੇ ਹੀ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਸਿਹਤ ਸੰਬੰਧੀ ਸਲਾਹ-ਮਸ਼ਵਰਾ ਵੀ ਪ੍ਰਦਾਨ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਅਧਿਕਾਰੀਆਂ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਹਰ ਬਜ਼ੁਰਗ ਤੱਕ ਸਿਹਤ ਅਤੇ ਭਲਾਈ ਸੇਵਾਵਾਂ ਪਹੁੰਚ ਸਕਣ।
