Patiala News: 19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਐਡਵਾਈਜਰੀ ਮੈਨੇਜਿੰਗ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

February 14, 2026 - PatialaPolitics

Patiala News: 19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਐਡਵਾਈਜਰੀ ਮੈਨੇਜਿੰਗ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

-ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਦਾ ਵੀ ਜਾਇਜ਼ਾ ਲਿਆ

 

ਪਟਿਆਲਾ, 14 ਫਰਵਰੀ:

 

ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਮੈਂਬਰ ਇੰਦਰਜੀਤ ਮਹਾਜਨ, ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਮੰਦਰ ਵਿਖੇ ਸਾਰੇ ਪ੍ਰਾਜੈਕਟਾਂ ਦਾ ਕਾਰਜ ਤੇ ਨਵਰਾਤਰਿਆਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਪੂਰੀ ਸ਼ਰਧਾ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਹਨ।

 

ਇਸ ਦੌਰਾਨ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਤੇਜੀ ਨਾਲ ਚੱਲ ਰਹੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਵੇਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਕੰਮਾਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ, ਉਸ ਤਹਿਤ ਸਾਰੇ ਕਾਰਜ ਇਸ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ. ਹਰਜੋਤ ਕੌਰ ਸਮੇਤ ਪੁਲਿਸ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਮੈਂਬਰ ਇੰਦਰਜੀਤ ਮਹਾਜਨ, ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾਨੇ ਕਿਹਾ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰੇ 27 ਮਾਰਚ ਤੱਕ ਚੱਲਣਗੇ, ਇਨ੍ਹਾਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੰਦਿਰ ਦੀ ਸਜਾਵਟ ਤੇ ਹੋਰ ਪ੍ਰਬੰਧਾਂ ਸਮੇਤ ਸੁਰੱਖਿਆ, ਸਾਫ਼-ਸਫ਼ਾਈ, ਲੰਗਰ ਤੇ ਹੋਰ ਵਿਆਪਕ ਪ੍ਰਬੰਧਾਂ ‘ਤੇ ਚਰਚਾ ਕੀਤੀ।

 

ਮਹੇਸ਼ ਸਿੰਗਲਾ ਨੇ ਕਿਹਾ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ।

 

ਨਵਰਾਤਰਿਆਂ ਮੌਕੇ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲਗਾਏ ਜਾਂਦੇ ਲੰਗਰ ‘ਚ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਲਈ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਕਿਹਾ ਗਿਆ। ਜਦਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧਾਂ ਤੋਂ ਇਲਾਵਾ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾਵੇ।