Patiala News: ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ
April 24, 2026 - PatialaPolitics
Patiala News: ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 33119 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ,
17 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ: ਸਿਵਲ ਸਰਜਨ ਡਾ.ਸ਼ੈਲੀ ਜੇਤਲੀ
ਪਟਿਆਲਾ 24 ਅਪ੍ਰੈਲ ( ) ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ ਜਿਸ ਦੀ ਅਗਵਾਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ । ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਲਾਹੋਰੀ ਗੇਟ, ਗੁਰੂ ਨਾਨਕ ਨਗਰ, ਸੁਖਰਾਮ ਕਲੋਨੀ, ਬਡੂੰਗਰ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ। ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ। ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 16837 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 17 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 33119 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 34 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
