Patiala Admin ready to tackle law and order during farmers protest

September 24, 2020 - PatialaPolitics


ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਜ਼ਿਲ੍ਹੇ ਅੰਦਰ ਆਉਣ ਵਾਲੇ ਦਿਨਾਂ ‘ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਤੇ ਧਰਨੇ ਮੁਜ਼ਾਹਰੇ ਕੀਤੇ ਜਾਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸ੍ਰੀ ਕੁਮਾਰ ਅਮਿਤ ਕਿਹਾ ਕਿ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਆਪੋ-ਆਪਣੀਆਂ ਸਬ-ਡਵੀਜਨਾਂ ਅੰਦਰ ਆਪਸੀ ਤਾਲਮੇਲ ਨਾਲ 24 ਤੋਂ 26 ਸਤੰਬਰ ਤੱਕ ਅਮਨ ਕਾਨੂੰਨ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਰੋਸ ਪ੍ਰਦਰਸ਼ਨਾਂ ‘ਚ ਹਿੱਸਾ ਲੈਣ ਦੀ ਸੰਭਾਵਨਾ ਹੈ, ਜਿਸ ਲਈ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਟਕਰਾਅ ਨੂੰ ਰੋਕਣ ਲਈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਅੰਦਰ ਸਥਿਤੀ ਨੂੰ ਸ਼ਾਂਤਮਈ ਬਣਾਈ ਰੱਖਣ ਲਈ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਵੱਲੋਂ ਆਪਣੇ ਪੱਧਰ ‘ਤੇ ਸਬੰਧਤ ਧਿਰਾਂ ਨਾਲ ਮੀਟਿੰਗਾਂ ਵੀ ਕਰ ਲਈਆਂ ਜਾਣ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਲੋੜ ਪੈਣ ‘ਤੇ ਸਪੈਸ਼ਲ ਮੈਜਿਸਟਰੇਟ ਵੀ ਤਾਇਨਾਤ ਕੀਤੇ ਜਾ ਸਕਦੇ ਹਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਧਰਨੇ ਦੀ ਆੜ ਹੇਠ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨੂੰ ਅੰਜਾਮ ਦੇ ਸਕਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਨਿਗਰਾਨੀ ਰੱਖੀ ਜਾਵੇ।
ਸ੍ਰੀ ਦੁੱਗਲ ਨੇ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਕੋਈ ਵੀ ਸਮਾਜ ਵਿਰੋਧੀ ਤੱਤ ਕਿਸਾਨਾਂ ਦੇ ਨਾਮ ‘ਤੇ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਵੀ ਅਸਲਾ ਲੈ ਕੇ ਚੱਲਣ ਦੀ ਮਨਾਹੀ ਹੋਵੇਗੀ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਸਥਾਨਕ ਸ੍ਰੀ ਨਵਨੀਤ ਸਿੰਘ ਬੈਂਸ, ਏ.ਆਈ.ਜੀ. ਇੰਟੈਲੀਜੈਂਸ ਸ੍ਰੀ ਗੁਰਿੰਦਰ ਸਿੰਘ ਗਰੇਵਾਲ, ਐਸ.ਪੀ. ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਸਮੇਤ ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।