SSP Patiala appeals to farmers

September 24, 2020 - PatialaPolitics


ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਤੇ ਧਰਨੇ ਮੁਜ਼ਾਹਰੇ ਕੀਤੇ ਜਾਣ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਵਾਜਾਈ ਅਤੇ ਐਂਬੂਲੈਸਾਂ ਆਦਿ ਨੂੰ ਸੁਚਾਰੂ ਢੰਗ ਨਾਲ ਚਲਾਉਣ, ਜਰੂਰੀ ਵਸਤਾਂ ਦੀ ਸਪਲਾਈ ਅਤੇ ਜਰੂਰੀ ਸੇਵਾਵਾਂ ਨਿਰਵਿਘਨ ਯਕੀਨੀ ਬਣਾਉਣ ਲਈ ਵੀ ਬਦਲਵੇਂ ਪ੍ਰਬੰਧ ਕੀਤੇ ਹਨ।
ਐਸ.ਐਸ.ਪੀ. ਸ੍ਰੀ ਦੁੱਗਲ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੇਲ ਰੋਕੋ ਅਤੇ ਭਾਰਤ ਬੰਦ ਦੇ ਸੱਦੇ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਕਿ ਕਿਸਾਨਾਂ ਦੀ ਆੜ ਹੇਠ ਕੋਈ ਸ਼ਰਾਰਤੀ ਤੱਤ ਕਾਨੂੰਨ ਨੂੰ ਆਪਣੇ ਹੱਥ ‘ਚ ਲੈਕੇ ਕਾਨੂੰਨ ਦੀ ਉਲੰਘਣਾ ਨਾ ਕਰੇ ਤਾਂ ਕਿ ਪੁਲਿਸ ਨੂੰ ਕੋਈ ਕਾਨੂੰਨੀ ਕਾਰਵਾਈ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੀ ਪੂਰੀ ਚੌਕਸੀ ਨਾਲ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇਗਾ ਕਿ ਕੋਈ ਵੀ ਸਮਾਜ ਵਿਰੋਧੀ ਤੱਤ ਕਿਸਾਨਾਂ ਦੇ ਨਾਮ ‘ਤੇ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ।
ਸ੍ਰੀ ਦੁੱਗਲ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਪਟਿਆਲਾ ਵਿਖੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ, ਜਿਸ ਕਰਕੇ ਆਮ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਈ, ਜਿਸ ਲਈ ਉਹ ਹੁਣ ਵੀ ਉਮੀਦ ਕਰਦੇ ਹਨ ਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ‘ਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇਗਾ।
ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ 1 ਅਕਤੂਬਰ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਵੀ ਅਸਲਾ ਜਾਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਹੋਵੇਗੀ, ਜਿਸ ਲਈ ਕਿਸਾਨ ਤੇ ਹੋਰ ਜਥੇਬੰਦੀਆਂ ਪੁਲਿਸ ਨੂੰ ਸਹਿਯੋਗ ਦੇਣ ਤਾਂ ਕਿ ਕਿਸਾਨਾਂ ਦੇ ਧਰਨੇ ਦੀ ਆੜ ਹੇਠ ਕੋਈ ਸਮਾਜ ਤੇ ਦੇਸ਼ ਵਿਰੋਧੀ ਤੱਤ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨੂੰ ਅੰਜਾਮ ਨਾ ਦੇ ਸਕਣ।