Bibi Jagir Kaur elected as President of SGPC
November 27, 2020 - PatialaPolitics
ਅੰਮ੍ਰਿਤਸਰ, 27 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਬੀਬੀ ਜਗੀਰ ਕੌਰ ਦਾ ਨਾਂ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਹਰਜਿੰਦਰ ਸਿੰਘ ਧਾਮੀ ਅਤੇ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਨੇ ਸ. ਮਿੱਠੂ ਸਿੰਘ ਕਾਹਨੇਕੇ ਦਾ ਨਾਂ ਵੀ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਬੀਬੀ ਜਗੀਰ ਕੌਰ ਜੇਤੂ ਰਹੇ। ਕੁਲ ਪਈਆਂ 143 ਵੋਟਾਂ ਵਿੱਚੋਂ ਬੀਬੀ ਜਗੀਰ ਕੌਰ ਨੂੰ 122 ਅਤੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 20 ਵੋਟਾਂ ਪ੍ਰਾਪਤ ਹੋਈਆਂ, ਜਦਕਿ ਇਕ ਵੋਟ ਰੱਦ ਹੋਈ।
ਜਨਰਲ ਇਜਲਾਸ ਦੌਰਾਨ ਸ. ਸੁਰਜੀਤ ਸਿੰਘ ਭਿੱਟੇਵਡ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦਾ ਨਾਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਾਈ ਮਨਜੀਤ ਸਿੰਘ ਅਤੇ ਮਜੀਦ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ। ਇਸੇ ਤਰ੍ਹਾਂ ਜੂਨੀਅਰ ਮੀਤ ਪ੍ਰਧਾਨ ਵਜੋਂ ਬਾਬਾ ਬੂਟਾ ਸਿੰਘ ਚੁਣੇ ਗਏ, ਜਿਨ੍ਹਾਂ ਦਾ ਨਾਂ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਂ ਦੀ ਤਾਈਦ ਸ. ਹਰਪਾਲ ਸਿੰਘ ਜੱਲ੍ਹਾ ਨੇ ਕੀਤੀ, ਜਦਕਿ ਤਾਈਦ ਮਜੀਦ ਭਾਈ ਰਾਮ ਸਿੰਘ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵਜੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਚੁਣਿਆ ਗਿਆ। ਸ. ਸਿਆਲਕਾ ਦਾ ਨਾਂ ਸ. ਮੋਹਨ ਸਿੰਘ ਬੰਗੀ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਤੇ ਮਜੀਦ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕੀਤੀ।
ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਵਿਚ ਸ. ਬਲਦੇਵ ਸਿੰਘ ਚੂੰਘਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ ਅਤੇ ਸ. ਅਮਰੀਕ ਸਿੰਘ ਸ਼ਾਹਪੁਰ ਸ਼ਾਮਲ ਹਨ।
ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜੂਦ
ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਨਰਲ ਇਜਲਾਸ ਸਬੰਧੀ ਮੈਂਬਰ ਸਾਹਿਬਾਨ ਨੂੰ ਭੇਜਿਆ ਗਿਆ ਪੱਤਰ ਪੜ੍ਹ ਕੇ ਆਰੰਭ ਕੀਤੀ। ਜਨਰਲ ਇਜਲਾਸ ਦੀ ਸਮਾਪਤੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਬੀਬੀ ਜਗੀਰ ਕੌਰ ਸਮੇਤ ਹੋਰ ਅਹੁਦੇਦਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਨਾਲ ਰਹੇ ਅਹੁਦੇਦਾਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਭਾਈ ਲੌਂਗੋਵਾਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ ਇਸ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਇਕ ਪਰਿਵਾਰ ਹੈ, ਜਿਸ ਵਿਚ ਹਰ ਇਕ ਦਾ ਸਤਿਕਾਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਹੀ ਪੰਥਕ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਹੱਲ ਸੰਭਵ ਹੈ ਅਤੇ ਇਸੇ ਦਿਸ਼ਾ ਵਿਚ ਹੀ ਉਹ ਅੱਗੇ ਵਧਣਗੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੇਵਾ ਲਈ ਭਰੋਸਾ ਪ੍ਰਗਟ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ