Covid Curfew:New orders by Patiala DC 15 December
December 15, 2020 - PatialaPolitics
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ 1 ਦਸੰਬਰ ਨੂੰ ਹੋਏ ਲਾਗੂ ਰਾਤ ਦੇ ਕਰਫਿਊ ਦੇ ਹੁਕਮਾਂ ਅਤੇ ਸਮਾਜਿਕ ਇਕੱਠਾਂ ‘ਤੇ ਲਾਗੂ ਵਾਧੂ ਬੰਦਿਸ਼ਾਂ ਦੇ ਹੁਕਮਾਂ ਵਿੱਚ 31 ਦਸੰਬਰ 2020 ਤੱਕ ਵਾਧਾ ਕੀਤਾ ਹੈ। ਇਸ ਨਾਲ ਜ਼ਿਲ੍ਹੇ ਅੰਦਰ ਇਨਡੋਰ ਅਤੇ ਆਊਟਡੋਰ ਇਕੱਠਾਂ ਦੀ ਗਿਣਤੀ ਕ੍ਰਮਵਾਰ 100 ਤੋਂ 250 ਤੱਕ ਰੱਖਣ ਦੇ ਵੀ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵਧੀਕ ਮੁੱਖ ਸਕੱਤਰ, ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ 14 ਦਸੰਬਰ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਪਹਿਲਾਂ ਕੋਵਿਡ-19 ਮਹਾਂਮਾਰੀ ਕਰਕੇ 1 ਦਸੰਬਰ ਨੂੰ ਸੀਆਰਪੀਸੀ ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਲੋਕਾਂ ਦੀ ਗ਼ੈਰਜ਼ਰੂਰੀ ਆਵਾਜਾਈ ‘ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਇਕੱਠਾਂ, ਜਿਨ੍ਹਾਂ ‘ਚ ਇਨਡੋਰ ਅਤੇ ਆਊਟਡੋਰ ਸ਼ਾਮਲ ਹਨ, ਦੀ ਗਿਣਤੀ ਕ੍ਰਮਵਾਰ 100 ਅਤੇ 250 ਤੱਕ ਰੱਖਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਬੰਦਿਸ਼ਾਂ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਹਨ ਤਾਂ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀ ਨੂੰ ਇੱਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਦੇਣਾ ਪਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।