ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ
September 23, 2025 - PatialaPolitics
ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ
– ਪਿੰਡ ਦੰਦਰਾਲਾ ਖਰੌੜ ਦੇ ਕਿਸਾਨ ਮਨਜੀਤ ਸਿੰਘ ਦੀ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਲਈ ਡੀ.ਸੀ ਵੱਲੋਂ ਸ਼ਲਾਘਾ
ਭਾਦਸੋਂ/ਪਟਿਆਲਾ, 23 ਸਤੰਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੰਦਰਾਲਾ ਖਰੌੜ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ ‘ਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਦੰਦਰਾਲਾ ਖਰੌੜ ਦੇ ਕਿਸਾਨ ਮਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ ਕੇ ਨਿਰੀਖਣ ਕੀਤਾ ਤੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ ਤੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਵੱਡੀ ਗਿਣਤੀ ‘ਚ ਇਨ ਸੀਟੂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿਲ ਡਰਿੱਲ, ਮਲਚਰ, ਆਰਐਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ।
ਇਸ ਮੌਕੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ 40 ਏਕੜ ਜ਼ਮੀਨ ਵਿੱਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਮਲਚਰ, ਰੋਟਾਵੀਟਰ, ਐਮ.ਵੀ ਪਲਾਓ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।