ਪਟਿਆਲਾ: 69ਵੀ ਅੰਤਰ ਜ਼ਿਲਾ ਸਕੂਲ ਖੇਡਾਂ ਸਬੰਧੀ ਮੀਟਿੰਗ ਆਯੋਜਿਤ
November 22, 2025 - PatialaPolitics
ਪਟਿਆਲਾ: 69ਵੀ ਅੰਤਰ ਜ਼ਿਲਾ ਸਕੂਲ ਖੇਡਾਂ ਸਬੰਧੀ ਮੀਟਿੰਗ ਆਯੋਜਿਤ

– ਜ਼ਿਲਾ ਸਿੱਖਿਆ ਅਫਸਰ (ਐਲੀ.ਸਿੱ.) ਨੇ ਉਲੀਕੀ ਰੂਪ ਰੇਖਾ
ਪਟਿਆਲਾ, 22 ਨਵੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਵਿਖੇ 27 ਤੋਂ 30 ਨਵੰਬਰ ਤੱਕ 69ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਪੁਖਤਾ ਪ੍ਰਬੰਧ ਕਰਨ ਸਬੰਧੀ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਵੱਲੋਂ ਵੱਖ-ਵੱਖ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ, ਜੋ ਇਹਨਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਹੋਣਗੀਆਂ।
ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵੱਖ-ਵੱਖ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸੈਂਟਰ ਹੈਡ ਟੀਚਰਜ ਨੂੰ ਵਿਸ਼ੇਸ਼ ਤੌਰ ‘ਤੇ ਉਹਨਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਜਾਣੂ ਕਰਵਾਇਆ। ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵਿਖੇ ਬੈਡਮਿੰਟਨ (ਮੁੰਡੇ, ਕੁੜੀਆਂ) ਅਤੇ ਕੁਸ਼ਤੀਆਂ (ਮੁੰਡੇ) ਦੇ ਮੁਕਾਬਲੇ ਲਗਾਤਾਰ ਚਾਰ ਦਿਨ ਕਰਵਾਏ ਜਾਣੇ ਹਨ, ਜਿਨਾਂ ਲਈ ਜ਼ਿਲਾ ਸਿੱਖਿਆ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਵੱਖ-ਵੱਖ ਜ਼ਿਲਿਆਂ ਤੋਂ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਖਿਡਾਰੀਆਂ ਲਈ ਰਹਿਣ ਸਹਿਣ ਅਤੇ ਖਾਣ-ਪੀਣ ਆਦਿ ਦਾ ਸਮੁੱਚਾ ਪ੍ਰਬੰਧ ਕਰ ਦਿੱਤਾ ਗਿਆ ਹੈ। ਉਹਨਾਂ ਆਖਿਆ ਕਿ ਇਹਨਾਂ ਖੇਡਾਂ ਵਿੱਚ ਵਿਭਾਗ ਦੇ ਸਮੂਹ ਕਰਮਚਾਰੀ ਆਪੋ ਆਪਣੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵੱਖ-ਵੱਖ ਬਲਾਕ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸੈਂਟਰ ਹੈਡ ਟੀਚਰਜ਼, ਬਲਾਕ ਰਿਸੋਰਸ ਕੁਆਰਡੀਨੇਟਰ ਸਮੇਤ ਵੱਖ-ਵੱਖ ਅਧਿਆਪਕ ਹਾਜ਼ਰ ਸਨ।
