Patiala: ਨਜਾਇਜ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਵਿਭਾਗ ਵੱਲੋਂ 7.39 ਲੱਖ ਰੁਪਏ ਦੀ ਰਿਕਵਰੀ

January 21, 2026 - PatialaPolitics

Patiala: ਨਜਾਇਜ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਵਿਭਾਗ ਵੱਲੋਂ 7.39 ਲੱਖ ਰੁਪਏ ਦੀ ਰਿਕਵਰੀ

 

ਪਟਿਆਲਾ, 21 ਜਨਵਰੀ:

ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ’ਤੇ ਮਾਈਨਿੰਗ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ , ਪੁਲਿਸ ਅਤੇ ਹੋਰ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਨਜਾਇਜ ਮਾਈਨਿੰਗ ’ਤੇ ਰੋਕ, ਕੀਤੀ ਗਈ ਕਾਰਵਾਈ, ਰਿਕਵਰੀ ਅਤੇ ਕੋਰਟ ਕੇਸਾਂ ਸਬੰਧੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ।

ਕਾਰਜਕਾਰੀ ਇੰਜੀਨੀਅਰ ਸ੍ਰੀ ਪ੍ਰਥਮ ਗੰਭੀਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਿਤੀ 24 ਦਸੰਬਰ ਤੋਂ 21 ਜਨਵਰੀ ਤੱਕ ਨਜਾਇਜ ਮਾਈਨਿੰਗ ਸਬੰਧੀ ਕੀਤੇ ਗਏ ਚਲਾਨਾਂ ਰਾਹੀਂ ਕੁੱਲ 7.39 ਲੱਖ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਤ ਤੌਰ ’ਤੇ ਚੈਕਿੰਗ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਏ.ਡੀ.ਸੀ. (ਜ) ਅਤੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਜਾਇਜ ਮਾਈਨਿੰਗ ਨੂੰ ਰੋਕਣ ਲਈ ਸੰਬੰਧਤ ਐਸ.ਡੀ.ਓ ਮਾਈਨਿੰਗ ਨਾਲ ਤਾਲਮੇਲ ਕਰਦੇ ਹੋਏ ਨਿਯਮਤ ਚੈਕਿੰਗ ਯਕੀਨੀ ਬਣਾਈ ਜਾਵੇ। ਇਸਦੇ ਨਾਲ ਨਾਲ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਸਮੇਂ ਸਿਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣੀ ਲਾਜ਼ਮੀ ਹੋਵੇਗੀ।

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਸਬੰਧੀ ਦੱਸਿਆ ਗਿਆ ਕਿ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ 10 ਫਰਵਰੀ ਨੂੰ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਆਉਣ ਵਾਲੇ ਪੰਜ ਸਾਲਾਂ ਦੇ ਐਕਸ਼ਨ ਪਲਾਨ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਤਾਂ ਜੋ ਖਨਿਜ ਪ੍ਰਭਾਵਿਤ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਅਟਾਰਨੀ ਪਟਿਆਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਨਜਾਇਜ ਮਾਈਨਿੰਗ ਨਾਲ ਸੰਬੰਧਿਤ ਕੁੱਲ 51 ਕੋਰਟ ਕੇਸ ਵੱਖ-ਵੱਖ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਕੇਸਾਂ ਦੀ ਪੈਰਵੀ ਸਰਕਾਰ ਵੱਲੋਂ ਪੂਰੀ ਸਖ਼ਤੀ ਨਾਲ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਜਾਇਜ ਮਾਈਨਿੰਗ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ ਵਾਤਾਵਰਣ ਦੀ ਸੁਰੱਖਿਆ ਅਤੇ ਸਰਕਾਰੀ ਰੇਵਨਿਊ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।